ਰੂਪਨਗਰ, 17 ਫਰਵਰੀ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਸੱਦੇ 'ਤੇ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਵਲੋਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਆਪਣਾ ਗੁੱਸਾ ਪ੍ਰਗਟ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਸੇਖੋਂ ਕਕਰਾਲੀ ਅਤੇ ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ 2025 ਸੋਧ ਬਿਲ, ਵਿਦੇਸ਼ੀ ਦੇਸ਼ਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਅਤੇ ਸੀਡ ਬਿੱਲ ਕਿਸਾਨੀ ਪ੍ਰਣਾਲੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਨਾਲ ਭਾਰਤ ਦਾ ਖੇਤੀਬਾੜੀ ਖੇਤਰ ਕਮਜ਼ੋਰ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਘਟੇਗੀ, ਜਦਕਿ ਡੇਅਰੀ ਅਤੇ ਪੋਲਟਰੀ ਵਰਗੇ ਸਹਾਇਕ ਧੰਦੇ ਵੀ ਪ੍ਰਭਾਵਿਤ ਹੋਣਗੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕਿਸਾਨਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ 'ਤੇ ਆੰਦੋਲਨ ਕੀਤੇ ਜਾਣਗੇ | ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਤਲੇ ਫੂਕਣ ਤੋਂ ਬਾਅਦ ਮੰਗ ਪੱਤਰ ਭੇਜਣ ਦੀ ਵੀ ਚੇਤਾਵਨੀ ਦਿੱਤੀ | ਕਿਸਾਨਾਂ ਦਾ ਕਹਿਣਾ ਸੀ ਕਿ ਜਦ ਤੱਕ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਕੁਲਵਿੰਦਰ ਸਿੰਘ ਭਾਗੋਮਾਜਰਾ, ਸੁਰਿੰਦਰ ਸਿੰਘ ਛਿੰਦਾ ਮੀਆਂਪੁਰ, ਨਰਿੰਦਰ ਸਿੰਘ ਦੁੱਗਰੀ, ਮੁਖਤਿਆਰ ਸਿੰਘ ਫੂਲ, ਸਰਬਜੀਤ ਸਿੰਘ ਰੂਪਨਗਰ, ਜਗਮੀਤ ਸਿੰਘ ਮੁਗਲ ਮਾਜਰੀ, ਇਕਬਾਲ ਸਿੰਘ ਬੁਰਮਾਜਰਾ, ਸੁਖਵਿੰਦਰ ਸਿੰਘ ਗੱਗੋ, ਹਰਗੋਬਿੰਦ ਪਾਲ ਸਿੰਘ, ਮੇਹਰ ਸਿੰਘ, ਜਸਵਿੰਦਰ ਸਿੰਘ, ਭਾਗ ਸਿੰਘ, ਬਲਦੇਵ ਸਿੰਘ, ਦਿਦਾਰ ਸਿੰਘ, ਮਨਪ੍ਰੀਤ ਸਿੰਘ ਅਮਰਾਲੀ ਸਮੇਤ ਹੋਰ ਵੱਡੀ ਗਿਣਤੀ ਵਿਚ ਜਥੇਬੰਦੀ ਮੈਂਬਰ ਅਤੇ ਕਿਸਾਨ ਹਾਜ਼ਰ ਸਨ |