ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)-ਗਰੀਨ ਹੋਲਾ ਮਹੱਲਾ ਮਨਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਤਿਆਰ ਕਰਨ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਪੰਜਾਬ ਦੀ ਚੇਅਰਪਰਸਨ ਰੀਨਾ ਗੁਪਤਾ, ਮੈਂਬਰ ਸੈਕਟਰੀ ਲਵਨੀਤ ਦੂਬੇ, ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਮੇਲਾ ਅਫ਼ਸਰ ਸੁਖਪਾਲ ਸਿੰਘ ਅਤੇ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਮੀਤ ਮੈਨੇਜਰ ਹਰਦੇਵ ਸਿੰਘ ਅਤੇ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ | ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਇਸ ਵਾਰ ਲੰਗਰਾਂ ਵਿਚ ਸਟੀਲ ਦੇ ਭਾਂਡੇ ਜਾਂ ਜੈਵਿਕ ਖਪਣਯੋਗ ਭਾਂਡਿਆਂ ਦੀ ਹੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਸੰਗਤ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿਚ ਹੋਰ ਵੀ ਕਈ ਉਪਰਾਲਿਆਂ ਦੀ ਲੋੜ ਹੈ ਅਤੇ ਹਰ ਸ਼ਰਧਾਲੂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਵੇਰਕਾ ਦੀ ਏ.ਟੀ.ਐਮ ਮਸ਼ੀਨ ਰਾਹੀਂ ਦੁੱਧ ਦੀ ਸਪਲਾਈ ਕਰਕੇ ਪਲਾਸਟਿਕ ਪੈਕੇਜਿੰਗ ਘਟਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਬੋਰਡ ਇਸ ਮੁਹਿੰਮ ਨੂੰ ਗੰਭੀਰਤਾ ਨਾਲ ਅਮਲ ਵਿਚ ਲਿਆ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪੱਧਰ 'ਤੇ ਸਹਿਯੋਗ ਦਿੱਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਲੰਗਰ ਕਮੇਟੀਆਂ ਨੂੰ ਜੈਵਿਕ ਖਪਣਯੋਗ ਭਾਂਡੇ ਅਤੇ ਸਮਗਰੀ ਮੁਫ਼ਤ ਪ੍ਰਦਾਨ ਕੀਤੀ ਗਈ ਹੈ | ਇਸ ਮੌਕੇ ਅਧਿਕਾਰੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ |