ਨੂਰਪੁਰ ਬੇਦੀ, 31 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਚੌਂਤਾ ਵਿਖੇ ਸ੍ਰੀ ਗੁਰੂ ਰਾਮ ਰਾਏ ਸਪੋਰਟਸ ਕਲੱਬ ਚੌਂਤਾ ਵਲੋਂ ਸ਼ਾਨਦਾਰ ਢੰਗ ਨਾਲ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ ਕਈ ਟੀਮਾਂ ਭਾਗ ਲੈ ਰਹੀਆਂ ਹਨ ਅਤੇ ਖੇਡ ਮੈਦਾਨ ਵਿਚ ਖਿਡਾਰੀਆਂ ਵਲੋਂ ਜ਼ਬਰਦਸਤ ਜੋਸ਼ ਤੇ ਜਜ਼ਬਾ ਵੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇ ਜਰਨੈਲ ਸਿੰਘ ਔਲਖ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਪਿੰਡਾਂ ਵਿਚ ਖੇਡਾਂ ਦੀ ਪ੍ਰੇਰਣਾ ਨੂੰ ਵਧਾਉਂਦੇ ਹਨ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੰਦੇ ਹਨ | ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਸਗੋਂ ਅਨੁਸ਼ਾਸਨ ਅਤੇ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ | ਉਨ੍ਹਾਂ ਕਲੱਬ ਦੇ ਮੈਂਬਰਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਕਾਬਿਲ-ਏ-ਤਾਰੀਫ਼ ਹੈ | ਸਰਪੰਚ ਕਮਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਸੁਰਿੰਦਰ ਸਿੰਘ, ਮਾਸਟਰ ਸਰਬਣ ਰਾਮ, ਗੁਰਪ੍ਰੀਤ ਸਿੰਘ, ਬੰਟੂ ਅਤੇ ਜਗਤਾਰ ਸਿੰਘ ਸਮੇਤ ਪਿੰਡ ਦੀਆਂ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |