ਨੂਰਪੁਰ ਬੇਦੀ 'ਚ ਲੇਬਰ ਕੋਡ ਦੀਆਂ ਫੂਕੀਆਂ ਕਾਪੀਆਂ
ਨੂਰਪੁਰ ਬੇਦੀ, 1 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਪੰਜਾਬ ਦੀਆਂ ਬਹੁਤ ਸਾਰੀਆਂ ਥਾਵਾਂ 'ਤੇ ਕਾਲਾ ਦਿਵਸ ਮਨਾਇਆ ਗਿਆ | ਜਿਸ 'ਚ ਚਾਰ ਲੇਬਰ ਕੋਡ ਦੀਆਂ ਕਾਪੀਆਂ ਸਾੜ ਕੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਦੀਆਂ ਬਹੁਤ ਸਾਰੀਆਂ ਥਾਵਾਂ 'ਤੇ ਕਾਲਾ ਦਿਵਸ ਮਨਾਇਆ ਗਿਆ | ਇਹਨਾਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਦੇ ਪ੍ਰਧਾਨ ਤਰਸੇਮ ਜੱਟਪੁਰ, ਸੀਟੂ ਬਲਜਿੰਦਰ ਸਿੰਘ ਪੰਡਿਤ, ਖੇਤ ਮਜ਼ਦੂਰ ਯੂਨੀਅਨ ਗੀਤਾ ਰਾਮ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਹਰਮਿੰਦਰ ਸਿੰਘ ਡੂਮੇਵਾਲ, ਦਰਸ਼ਨ ਸਿੰਘ ਬਸੀ, ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਪ੍ਰੇਮ ਜੱਟਪੁਰ, ਬਿੱਕਰ ਸਿੰਘ ਮੋਠਾਪੁਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ 'ਤੇ ਦੇਸ਼ੀਂ ਵਿਦੇਸ਼ੀ ਸਰਮਾਏਦਾਰਾਂ ਨੂੰ ਖ਼ੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ 'ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਨੇ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ | ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮਗਨਰੇਗਾ ਦੀ ਥਾਂ ਵਿਕਸਿਤ ਭਾਰਤ ਜੀ ਰਾਮ ਜੀ ਕਾਨੰੂਨ ਲੈਕੇ ਆਈ ਹੈ ਜਿਸ ਨਾਲ ਮਜ਼ਦੂਰਾਂ ਨੂੰ ਪਹਿਲਾਂ ਮਿਲਦਾ ਕੰਮ ਵੀ ਕਾਫ਼ੀ ਹੱਦ ਤੱਕ ਉਨ੍ਹਾਂ ਕੋਲੋਂ ਖੋਹਣ ਦੀਆਂ ਤਿਆਰੀਆਂ ਹਨ | ਬਿਜਲੀ ਬਿੱਲ 2025 ਰਾਹੀਂ ਬਿਜਲੀ ਦੀ ਵੰਡ ਦਾ ਕੰਮ ਪ੍ਰਾਈਵੇਟ ਅਦਾਰਿਆਂ ਨੂੰ ਸੌਂਪ ਦਿੱਤਾ ਜਾਵੇਗਾ ਜਿਸ ਨਾਲ ਖਪਤਕਾਰਾਂ ਦੀ ਲੁੱਟ ਬਹੁਤ ਵਧ ਜਾਵੇਗੀ | ਇਸ ਮੌਕੇ ਰਾਜ ਕੁਮਾਰ ਸੰਦੋਆ, ਧਰਮਪਾਲ ਸਰਥਲੀ, ਪ੍ਰੇਮ ਸਿੰਘ ਹਿਆਤਪੁਰ, ਮੋਹਨ ਸਿੰਘ ਸੋਢੀ, ਰਾਮ ਸਿੰਘ ਰੌਲੀ, ਲਹਿੰਬਰ ਸਿੰਘ ਸਿੰਘਪੁਰ ਆਦਿ ਨੇ ਵੀ ਸੰਬੋਧਨ ਕੀਤਾ |
ਪੰਜਾਬ ਦੀਆਂ ਟਰੇਡ ਯੂਨੀਅਨਾਂ ਨੇ ਮਨਾਇਆ ਕਾਲਾ ਦਿਵਸ
ਅਜੀਤ ਡੈਸਕ
02-04-2026