ਕਾਹਨਪੁਰ ਖੂਹੀ, 1 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਖੇਤਰ ਦੀ ਸਿਆਸਤ ਵਿਚ ਅੱਜ ਉਸ ਵੇਲੇ ਹਲਚਲ ਮਚ ਗਈ, ਜਦੋਂ ਪਿੰਡ ਸਾਖਪੁਰ ਦੇ ਸਰਪੰਚ ਧਰਮ ਚੰਦ ਅਤੇ ਉਨ੍ਹਾਂ ਦੀ ਸਮੁੱਚੀ ਪੰਚਾਇਤ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਵੱਡੀ ਰਾਜਨੀਤਿਕ ਤਬਦੀਲੀ ਨੂੰ ਅਕਾਲੀ ਦਲ ਅਤੇ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ | ਇਸ ਸੰਬੰਧੀ ਆਯੋਜਿਤ ਵਿਸ਼ਾਲ ਸਮਾਰੋਹ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦਾ ਚਿੰਨ ਗੱਲਾਂ 'ਚ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਧਰਮ ਸਿੰਘ ਪੰਮੂ ਨੇ ਕਿਹਾ ਕਿ ਉਹ ਵਿਧਾਇਕ ਦਿਨੇਸ਼ ਚੱਢਾ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ | ਉਨ੍ਹਾਂ ਕਿਹਾ ਕਿ ਹਲਕੇ ਵਿਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਦੇ ਵਧੀਆ ਕੰਮ ਹੋ ਰਹੇ ਹਨ, ਜਿਸ ਨਾਲ ਹਰ ਵਰਗ ਨੂੰ ਫ਼ਾਇਦਾ ਮਿਲ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ-ਹਿਤ ਨੀਤੀ ਅਤੇ ਸਾਫ਼ ਸੁਥਰੀ ਰਾਜਨੀਤੀ ਨੇ ਉਨ੍ਹਾਂ ਨੂੰ ਇਸ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਲੋਕ ਪਾਰਟੀ ਵਿਚ ਸ਼ਾਮਿਲ ਹੋਣਗੇ | ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਾਖਪੁਰ ਪੰਚਾਇਤ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ ਹੈ | ਸਮਾਰੋਹ 'ਚ ਬਲਾਕ ਪ੍ਰਧਾਨ ਨਰਿੰਦਰ ਝਾਂਡੀਆਂ, ਦੇਸ ਰਾਜ ਸੈਣੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੰਮਤੀ ਮੈਂਬਰ ਰਵਿੰਦਰ ਬਿੰਦੀ, ਚੌਧਰੀ ਦਰਸਨ ਸਿੰਘ ਸਾਖਪੁਰ, ਦੇਵ ਸਿੰਘ, ਸਰਪੰਚ ਗੁਰਜੀਤ ਸਿੰਘ ਗੋਲਡੀ ਕਲਵਾਂ ਅਤੇ ਹੋਰ ਕਈ ਪ੍ਰਮੁੱਖ ਹਸਤੀਆਂ ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿਚ ਮੌਜੂਦ ਸਨ |