16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਹਿਮਾਚਲ ਐਂਟਰੀ ਟੈਕਸ 'ਤੇ ਪੰਜਾਬ ਸਰਕਾਰ ਦੇ ਵੱਡੇ ਐਕਸ਼ਨ ਦੀਆਂ ਤਿਆਰੀਆਂ

ਅਜੀਤ ਡੈਸਕ 15-04-2026
ਨੂਰਪੁਰ ਬੇਦੀ, 14 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਹਿਮਾਚਲ ਪ੍ਰਦੇਸ਼ ਵਲੋਂ ਬਾਹਰੀ ਰਾਜਾਂ, ਖ਼ਾਸ ਕਰਕੇ ਪੰਜਾਬ ਦੇ ਵਾਹਨਾਂ 'ਤੇ ਲਗਾਇਆ ਜਾ ਰਿਹਾ ਐਂਟਰੀ ਟੈਕਸ ਹੁਣ ਪੰਜਾਬ ਸਰਕਾਰ ਲਈ ਗੰਭੀਰ ਚੁਣੌਤੀ ਬਣਦਾ ਜਾ ਰਿਹਾ ਹੈ | ਇੱਕ ਪਾਸੇ ਜਿੱਥੇ ਜ਼ਮੀਨੀ ਪੱਧਰ 'ਤੇ ਸੰਘਰਸ਼ ਦਿਨੋਂ-ਦਿਨ ਤੇਜ਼ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਸੰਘਰਸ਼ਕਾਰੀਆਂ ਨੇ ਪੰਜਾਬ ਸਰਕਾਰ ­'ਤੇ ਰੈਸੀਪਰੋਕਲ ਟੈਕਸ ਲਗਾਉਣ ਲਈ ਦਬਾਅ ਵਧਾ ਦਿੱਤਾ ਹੈ | ਇਸ ਮਾਮਲੇ ਨੂੰ ਲੈ ਕੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਜਤਿੰਦਰ ਜੋਰਾਵਲ ਨਾਲ ਸੰਘਰਸ਼ਕਾਰੀਆਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਪੰਜਾਬ ਮੋਰਚੇ ਦੇ ਕਨਵੀਨਰ ਗੌਰਵ ਰਾਣਾ, ਕਿਰਤੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਵੀਰ ਸਿੰਘ ਬੜਵਾ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਕਰਨਵੀਰ ਸਿੰਘ ਅਤੇ ਆਜ਼ਾਦ ਟੈਕਸੀ ਯੂਨੀਅਨ ਦੇ ਪ੍ਰਧਾਨ ਕਮਲਜੀਤ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਹੋ ਰਹੀ ਟੈਕਸ ਵਸੂਲੀ ਨੂੰ ਲੁੱਟ ਕਰਾਰ ਦਿੰਦੇ ਹੋਏ ਇਸਦੇ ਖ਼ਿਲਾਫ਼ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ | ਸੰਘਰਸ਼ਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਹਿਮਾਚਲ ਸਰਕਾਰ ਵਲੋਂ ਗ਼ਲਤ ਤਰੀਕੇ ਨਾਲ ਟੈਕਸ ਵਸੂਲਿਆ ਜਾ ਰਿਹਾ ਹੈ, ਜਿਸ ਦਾ ਜਵਾਬ ਦੇਣ ਲਈ ਪੰਜਾਬ ਨੂੰ ਵੀ ਬਰਾਬਰ ਦਾ ਰੈਸੀਪਰੋਕਲ ਟੈਕਸ ਲਗਾਉਣਾ ਚਾਹੀਦਾ ਹੈ, ਤਾਂ ਜੋ ਹਿਮਾਚਲ ਸਰਕਾਰ ਆਪਣੇ ਫ਼ੈਸਲੇ 'ਤੇ ਦੁਬਾਰਾ ਵਿਚਾਰ ਕਰਨ ਲਈ ਮਜਬੂਰ ਹੋਵੇ | ਇਸਦੇ ਨਾਲ ਹੀ ਸੰਘਰਸ਼ਕਾਰੀਆਂ ਨੇ ਇਹ ਵੀ ਸਪਸ਼ਟ ਕੀਤਾ ਕਿ ਸਰਹੱਦੀ ਇਲਾਕਿਆਂ ਦੇ ਲੋਕਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਹਰ ਫ਼ੈਸਲਾ ਸੰਵੇਦਨਸ਼ੀਲਤਾ ਨਾਲ ਲਿਆ ਜਾਵੇਗਾ | ਮੀਟਿੰਗ ਵਿਚ ਇਹ ਸਹਿਮਤੀ ਵੀ ਬਣੀ ਕਿ ਰੈਸੀਪਰੋਕਲ ਟੈਕਸ ਲਾਗੂ ਕਰਨ ਲਈ ਜ਼ਰੂਰੀ ਕਾਨੂੰਨੀ ਡਰਾਫ਼ਟ ਤਿਆਰ ਕੀਤਾ ਜਾਵੇਗਾ ਅਤੇ ਇਸ ਲਈ ਸੰਘਰਸ਼ਕਾਰੀਆਂ ਵਲੋਂ ਲੋੜੀਂਦੇ ਅੰਕੜੇ ਵੀ ਸਰਕਾਰ ਨੂੰ ਮੁਹੱਈਆ ਕਰਵਾਏ ਜਾਣਗੇ | ਇਸ ਮਾਮਲੇ ਵਿਚ ਐਡਵੋਕੇਟ ਉਤਾਂਸ਼ ਮੋਂਗਾ ਸਮੇਤ ਹੋਰ ਕਾਨੂੰਨੀ ਮਾਹਿਰਾਂ ਦੀ ਸਹਾਇਤਾ ਲੈਣ ਦਾ ਵੀ ਫ਼ੈਸਲਾ ਕੀਤਾ ਗਿਆ | ਮੀਟਿੰਗ ਤੋਂ ਬਾਅਦ ਐਕਸਾਈਜ਼ ਕਮਿਸ਼ਨਰ ਜਤਿੰਦਰ ਜੋਰਾਵਲ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਵਲੋਂ ਇਸ 'ਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਰੈਸੀਪਰੋਕਲ ਟੈਕਸ ਲਾਗੂ ਕਰਨ ਲਈ ਜ਼ਰੂਰੀ ਕਾਨੂੰਨੀ ਅਤੇ ਕਾਗ਼ਜ਼ੀ ਪ੍ਰਕਿਰਿਆ ਦਾ ਡਰਾਫ਼ਟ ਤਿਆਰ ਕਰਨ ਦਾ ਕੰਮ ਅੱਜ ਤੋਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਜਨ ਕਲਿਆਣ ਸੰਘਰਸ਼ ਸਮਿਤੀ ਦੇ ਆਗੂ ਕਸ਼ਮੀਰ ਸਿੰਘ ਨੰਗਲ, ਹਰਪ੍ਰੀਤ ਸਿੰਘ ਭੱਟੋ, ਹਰਪ੍ਰੀਤ ਸਿੰਘ, ਬਲਵੀਰ ਖ਼ਾਨ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ੈਲਰਾਂ ਦੇ ਮਸਲੇ ਹੱਲ ਕਰਵਾਉਣ ਲਈ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।