ਸ੍ਰੀ ਅਨੰਦਪੁਰ ਸਾਹਿਬ, 6 ਮਈ (ਜੇ.ਐਸ. ਨਿੱਕੂਵਾਲ/ਕਰਨੈਲ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਬਣਾਏ ਕਾਨੂੰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਅੱਜ ਸ਼ੁਰੂ ਕੀਤੀ ਗਈ ਸ਼ੁਕਰਾਨਾ ਯਾਤਰਾ ਮਹਿਜ਼ ਇੱਕ ਡਰਾਮਾ ਹੈ ਜੋ ਕਿ ਪੰਜਾਬ ਦੇ ਲੋਕਾਂ ਦੀ ਹਮਦਰਦੀ ਤੇ ਸਿਆਸੀ ਲਾਹਾ ਲੈਣ ਲਈ ਕੀਤਾ ਜਾ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਸਾਬਕਾ ਸੰਸਦੀ ਸਕੱਤਰ ਤੇ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੀਤਾ। ਡਾ. ਨਵਜੋਤ ਕੌਰ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ ਕਾਨੂੰਨ ਦੇ ਮੁੱਦੇ 'ਤੇ ਬਿਲਕੁਲ ਫੇਲ੍ਹ ਸਾਬਤ ਹੋ ਰਹੀ ਹੈ। ਜਦੋਂ ਦੀ ਪੰਜਾਬ ਅੰਦਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਸੂਬੇ 'ਚ ਜਿੱਥੇ ਗੈਂਗਸਟਰਵਾਦ ਤੇ ਕਤਲੋਗਾਰਤ ਵਧੀ ਹੈ ਉਥੇ ਹੀ ਵੱਡੇ ਸ਼ਹਿਰਾਂ 'ਚ ਹੁਣ ਤੱਕ ਕਿੰਨੇ ਹੀ ਧਮਾਕੇ ਹੋ ਚੁੱਕੇ ਹਨ ਜਿਸ 'ਚ ਪੰਜਾਬ ਪੁਲਿਸ ਸਰਕਾਰ ਨੂੰ ਬਚਾਉਣ ਲਈ ਤਰ੍ਹਾਂ ਤਰ੍ਹਾਂ ਦੇ ਬਹਾਨੇ ਲਾ ਕੇ ਲੋਕਾਂ ਨੂੰ ਗੁੰਮਰਾਹ ਕਰਦੀ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸੰਬੰਧੀ ਗੱਲ ਕਰਦਿਆਂ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅੱਜ ਸੂਬੇ 'ਚ ਪਹਿਲਾਂ ਤੋਂ ਵੀ ਜ਼ਿਆਦਾ ਚਿੱਟਾ ਵਿਕ ਰਿਹਾ ਹੈ। ਇਸ ਚਿੱਟੇ ਕਾਰਨ ਕਿੰਨੀਆਂ ਹੀ ਮਾਵਾਂ ਦੇ ਪੁੱਤ ਜਹਾਨੋ ਤੁਰ ਗਏ ਹਨ ਪਰ ਸਰਕਾਰ ਫਿਰ ਵੀ ਨਸ਼ੇ ਖਤਮ ਕਰ ਦਿੱਤੇ ਜਾਣ ਸਬੰਧੀ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨਾਂ ਕਿਹਾ ਕਿ 'ਆਪ' ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕੇ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਇਸ ਸਰਕਾਰ ਨੂੰ ਸੱਤਾ ਤੋਂ ਹਟਾਉਣ ਲਈ ਸਮੇਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸ਼ਮਸ਼ੇਰ ਸਿੰਘ ਸ਼ੇਰਾ, ਲਖਵਿੰਦਰ ਸਿੰਘ, ਤਰਨਜੀਤ ਸਿੰਘ ਗਰੇਵਾਲ, ਗੁਰਮੇਲ ਸਿੰਘ ਸਹੋਤਾ, ਯੁਗਲ ਨਰਾਇਣ ਸ਼ਰਮਾ ਆਦਿ ਹਾਜ਼ਰ ਸਨ। ਬੀਬੀ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਭਾਰਤੀ ਰਾਸ਼ਟਰਵਾਦੀ ਪਾਰਟੀ ਵਲੋਂ 117 ਸੀਟਾਂ 'ਤੇ ਚੋਣ ਲੜ ਕੇ ਜਿੱਤ ਹਾਸਲ ਕੀਤੀ ਜਾਵੇਗੀ।