ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਪੁਲਿਸ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਰੋਪੜ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆਈ | ਇਸੇ ਤਹਿਤ ਬੀਤੀ ਰਾਤ ਸੀਨੀਅਰ ਕਪਤਾਨ ਪੁਲਿਸ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਵਿਸ਼ੇਸ਼ 'ਨਾਈਟ ਡੋਮੀਨੇਸ਼ਨ' ਮੁਹਿੰਮ ਚਲਾਈ ਗਈ | ਰਾਤ 7 ਵਜੇ ਤੋਂ 1 ਵਜੇ ਤੱਕ ਚੱਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਐਸ.ਪੀ. ਅਤੇ ਐਸ.ਐਚ.ਓ. ਸਿਟੀ ਪਵਨ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਰਹੀ | ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਮੁੱਖ ਮਾਰਗਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ | ਬੇਲਾ ਚੌਂਕ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਆਈ.ਐਸ.ਆਈ. ਦੇ ਝਾਂਸੇ ਵਿਚ ਆ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਜਿਹੇ ਅਨਸਰਾਂ ਖ਼ਿਲਾਫ਼ ਦਿ੍ੜ੍ਹਤਾ ਨਾਲ ਕਾਰਵਾਈ ਕਰ ਰਹੀ ਹੈ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿਚ ਇਹ ਵਿਸ਼ੇਸ਼ ਚੈਕਿੰਗ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰਹੇਗੀ ਤਾਂ ਜੋ ਆਮ ਲੋਕ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰ ਸਕਣ |