ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਆਪਣੇ ਦਫ਼ਤਰ ਪਿੰਡ ਟੌਂਗ ਵਿਖੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮਿਲਕੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਦੀ ਲਾਂਚਿੰਗ ਦਾ ਜਸ਼ਨ ਮਨਾਇਆ ਗਿਆ | ਇਸ ਮੌਕੇ ਅਹੁਦੇਦਾਰਾਂ, ਵਲੰਟੀਅਰਾਂ ਅਤੇ ਇਲਾਕਾ ਨਿਵਾਸੀਆਂ ਨੇ ਇਕ-ਦੂਜੇ ਨੂੰ ਮੂੰਹ ਮਿੱਠਾ ਕਰਵਾਉਂਦਿਆਂ ਵਧਾਈਆਂ ਸਾਂਝੀਆਂ ਕੀਤੀਆਂ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਕੋਈ ਵੀ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਯੋਜਨਾ ਦੇ ਦਾਇਰੇ ਵਿਚ ਸ਼ਾਮਿਲ ਕੀਤਾ ਗਿਆ ਹੈ | ਟੌਂਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਮੋਹਾਲੀ ਤੋਂ ਇਸ ਯੋਜਨਾ ਦਾ ਸਰਕਾਰੀ ਤੌਰ 'ਤੇ ਸ਼ੁਰੂਆਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਹਿਲਾਂ ਚੱਲ ਰਹੀਆਂ ਸਿਹਤ ਯੋਜਨਾਵਾਂ ਵਿਚ ਸਿਰਫ਼ 5 ਲੱਖ ਰੁਪਏ ਤੱਕ ਦੀ ਹੀ ਕਵਰੇਜ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ਇਸ ਰਕਮ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਿਵਾਸੀ ਦਾ ਅਧਿਕਾਰ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਇਸਦੇ ਲਾਭ ਤੋਂ ਵੰਚਿਤ ਨਹੀਂ ਰੱਖਿਆ ਜਾਵੇਗਾ |
ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ-ਵਿਧਾਇਕ
ਅਜੀਤ ਡੈਸਕ
23-01-2026