ਵੇਰਕਾ/ਜੇਠੂਵਾਲ, 26 ਮਾਰਚ (ਦੀਦਾਰ ਸਿੰਘ, ਮਿੱਤਰਪਾਲ ਸਿੰਘ ਰੰਧਾਵਾ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ, ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਇਸ ਮੇਲੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਕਾਰ ਸੇਵਾ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਸੁੱਖਾ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ) ਜਸਬੀਰ ਸਿੰਘ ਡਿੰਪਾ ਇੰਚਾਰਜ ਹਲਕਾ ਅੰਮਿ੍ਤਸਰ ਪੂਰਬੀ (ਕਾਂਗਰਸ) ਪ੍ਰੋ: ਨਵਜੀਤ ਕੌਰ ਕੌਂਸਲਰ ਵਾਰਡ ਨੰ: 19 ਵੇਰਕਾ, ਨਵਦੀਪ ਸਿੰਘ ਹੁੰਦਲ ਕੌਂਸਲਰ ਵਾਰਡ ਨੰ: 18 ਮਨਿੰਦਰ ਸਿੰਘ ਲੱਕੀ ਸੰਧੂ ਸਮੇਤ ਹੋਰ ਵੀ ਬਹੁਤ ਸਾਰੀ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਨਤਮਸਤਕ ਹੋ ਕੇ ਗੁਰÉ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਅਖੰਡ ਪਾਠ ਦੇ ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੀਰਤਨੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਪ੍ਰਚਾਰਕ ਇੰਦਰਜੀਤ ਸਿੰਘ, ਭਾਈ ਮਹਿਤਾਬ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਨਵਤੇਜ ਸਿੰਘ ਸੀਤਲ, ਭਾਈ ਅੰਮਿ੍ਤਪਾਲ ਸਿੰਘ ਪ੍ਰਚਾਰਕ ਨਰਿੰਦਰ ਸਿੰਘ ਬੱਗਾ, ਸਮੇਤ ਹੋਰ ਵੀ ਕਈ ਜਥਿਆਂ ਵਲੋਂ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਮੈਨੇਜਰ ਜਗਦੀਪ ਸਿੰਘ ਧਾਰੋਵਾਲੀ ਵਲੋਂ ਮੇਲੇ ਵਿਚ ਪੁੱਜੇ ਸੰਤ ਮਹਾਂਪੁਰਸ਼ਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦਿਆਂ ਵੱਡੇ ਪ੍ਰਬੰਧ ਕੀਤੇ ਗਏ ਸਨ, ਤਾਂ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |