ਪਟਿਆਲਾ, 22 ਜਨਵਰੀ (ਮਨਦੀਪ ਸਿੰਘ ਖਰੌੜ)-'ਆਪ' ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਵੱਡਾ ਫ਼ੈਸਲਾ ਲਿਆ ਗਿਆ ਹੈ ਅਤੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ | ਉਨ੍ਹਾਂ ਅੱਜ ਇੱਥੇ ਕਿਲ੍ਹਾ ਚੌਂਕ ਤੋਂ ਪਟਿਆਲਾ ਸ਼ਹਿਰੀ ਹਲਕੇ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਸਮੇਤ ਸਮੂਹ ਕੌਂਸਲਰ ਤੇ ਆਗੂ ਸ਼ਾਮਿਲ ਸਨ | ਇਸ ਦੌਰਾਨ ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਨੇ ਪਟਿਆਲਾ ਸ਼ਹਿਰੀ ਦੇ ਸਾਰੇ ਕੌਂਸਲਰਾਂ ਨੂੰ ਕਿਹਾ ਕਿ ਆਪੋ ਆਪਣੀ ਵਾਰਡ 'ਚ ਜਾ ਕੇ ਇਸ ਸਕੀਮ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਕਾਰਡ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇ | ਵਿਧਾਇਕ ਨੇ ਦੱਸਿਆ ਕਿ ਇਸ ਸੰਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ | ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐੱਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ | ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ |