ਪਟਿਆਲਾ, 22 ਜਨਵਰੀ (ਅ.ਸ. ਆਹਲੂਵਾਲੀਆ)-ਸ਼ਹਿਰ 'ਚ ਵਧ ਰਹੀਆਂ ਨਾਜਾਇਜ਼ ਇਮਾਰਤਾਂ ਨੂੰ ਰੋਕਣ ਲਈ ਨਗਰ ਨਿਗਮ ਵਲੋਂ ਕੱਲ੍ਹ ਤੋਂ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਨਗਰ ਨਿਗਮ 'ਚ ਹੋਈ ਇਕ ਅਹਿਮ ਮੀਟਿੰਗ ਦੌਰਾਨ ਮੇਅਰ ਵਲੋਂ ਦਿੱਤੀ ਗਈ | ਮੇਅਰ ਨੇ ਦੱਸਿਆ ਕਿ ਜੋ ਵੀ ਵਿਅਕਤੀ ਬਿਨਾਂ ਨਕਸ਼ਾ ਪਾਸ ਕਰਵਾਏ ਨਾਜਾਇਜ ਤੌਰ 'ਤੇ ਨਿਰਮਾਣ ਕਰ ਰਿਹਾ ਹੈ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਦੌਰਾਨ ਮੇਅਰ ਨੇ ਕਿਹਾ ਕਿ ਸ਼ਹਿਰ ਦੀ ਸੁਚੱਜੀ ਯੋਜਨਾ ਅਤੇ ਲੋਕਾਂ ਦੀ ਸੁਰੱਖਿਆ ਲਈ ਨਕਸ਼ਾ ਪਾਸ ਕਰਵਾਉਣਾ ਬਹੁਤ ਜ਼ਰੂਰੀ ਹੈ | ਬਿਨਾਂ ਮਨਜ਼ੂਰੀ ਬਣ ਰਹੀਆਂ ਇਮਾਰਤਾਂ ਨਾਲ ਨਾ ਸਿਰਫ ਸ਼ਹਿਰ ਦੀ ਦਿੱਖ ਖ਼ਰਾਬ ਹੁੰਦੀ ਹੈ, ਸਗੋਂ ਭਵਿੱਖ 'ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ | ਇਸ ਲਈ ਨਗਰ ਨਿਗਮ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਨਾਜਾਇਜ਼ ਨਿਰਮਾਣ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਮੇਅਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਮਾਰਤ ਬਣਾਉਣਾ ਚਾਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਆਪਣਾ ਨਕਸ਼ਾ ਨਗਰ ਨਿਗਮ ਤੋਂ ਪਾਸ ਕਰਵਾਏ | ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਨਕਸ਼ਾ ਪਾਸ ਕਰਵਾਉਣ ਦੌਰਾਨ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਹੈ ਜਾਂ ਨਗਰ ਨਿਗਮ ਦਾ ਕੋਈ ਮੁਲਾਜ਼ਮ ਕਿਸੇ ਨੂੰ ਤੰਗ-ਪਰੇਸ਼ਾਨ ਕਰਦਾ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਮੇਅਰ ਨੇ ਦੱਸਿਆ ਕਿ ਨਗਰ ਨਿਗਮ ਦਾ ਮਕਸਦ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਨਿਯਮਾਂ ਅਨੁਸਾਰ ਸ਼ਹਿਰ ਦਾ ਵਿਕਾਸ ਕਰਨਾ ਹੈ | ਜਿੱਥੇ ਲੋਕ ਕਾਨੂੰਨੀ ਢੰਗ ਨਾਲ ਕੰਮ ਕਰਨਗੇ, ਉੱਥੇ ਨਗਰ ਨਿਗਮ ਪੂਰਾ ਸਹਿਯੋਗ ਦੇਵੇਗਾ | ਪਰ ਜਿੱਥੇ ਨਿਯਮਾਂ ਦੀ ਉਲੰਘਣਾ ਕੀਤੀ ਜਾਵੇਗੀ, ਉੱਥੇ ਸਖ਼ਤ ਕਾਰਵਾਈ ਕੀਤੀ ਜਾਣੀ ਲਾਜ਼ਮੀ ਹੈ | ਉਨ੍ਹਾਂ ਕਿਹਾ ਮੀਟਿੰਗ 'ਚ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਨਾਜਾਇਜ਼ ਨਿਰਮਾਣਾਂ ਦੀ ਪਛਾਣ ਕਰਕੇ ਤੁਰੰਤ ਕਾਰਵਾਈ ਕੀਤੀ ਜਾਵੇ | ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਵਜ੍ਹਾ ਤਕਲੀਫ਼ ਨਾ ਆਵੇ | ਅੰਤ 'ਚ ਮੇਅਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਨਾਲ ਸਹਿਯੋਗ ਕਰਨ, ਨਕਸ਼ਾ ਪਾਸ ਕਰਵਾ ਕੇ ਹੀ ਨਿਰਮਾਣ ਕਰਨ ਅਤੇ ਸਹਿਰ ਨੂੰ ਸੁਚੱਜਾ, ਸੁਰੱਖਿਅਤ ਅਤੇ ਵਿਕਸਿਤ ਬਣਾਉਣ 'ਚ ਆਪਣਾ ਯੋਗਦਾਨ ਪਾਉਣ |