ਨਾਭਾ, 22 ਜਨਵਰੀ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਦੇ ਹੋਣਹਾਰ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਅੱਜ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹਰ ਵਰਗ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਮਿਲੇਗਾ ਅਤੇ ਪੰਜਾਬ ਦੇ ਵਸਨੀਕ ਇਸ ਸਕੀਮ ਦਾ ਲਾਭ ਲੈ ਸਕਣਗੇ | ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਹਰ ਪਰਿਵਾਰ ਦੇ ਸਮਾਰਟ ਕਾਰਡ ਬਣਾਏ ਜਾਣਗੇ ਅਤੇ 65 ਲੱਖ ਪਰਿਵਾਰ ਇਸ ਯੋਜਨਾ ਦਾ ਲਾਭ ਉਠਾਉਣਗੇ | ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਪਣੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਵਾਲਾ ਪੰਜਾਬ ਰਾਜ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਹਰ ਅਮੀਰ-ਗਰੀਬ ਪਰਿਵਾਰ ਦੇ ਮੈਂਬਰ ਛੋਟੀ ਸਰਜਰੀ ਜਾਂ ਕਿਡਨੀ, ਕੈਂਸਰ, ਬਾਈਪਾਸ ਸਰਜਰੀ ਸਮੇਤ ਮਹਿੰਗੇ ਇਲਾਜ ਵਾਲੀਆਂ ਭਿਆਨਕ ਬਿਮਾਰੀਆਂ ਦਾ ਇਲਾਜ ਇਸ ਯੋਜਨਾ ਅਧੀਨ ਮੁਫ਼ਤ ਕਰਵਾ ਸਕਣਗੇ | ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਇਹ ਯੋਜਨਾ ਸ਼ੁਰੂ ਕਰਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, 'ਆਪ' ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਤਿਹਾਸਕ ਫ਼ੈਸਲਾ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵੱਡੀ ਸੁਗਾਤ ਦਿੱਤੀ ਹੈ |