ਪਟਿਆਲਾ, 29 ਜਨਵਰੀ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ 'ਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਇਲਾਜ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ | ਉਨ੍ਹਾਂ ਜੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੇ ਲਾਗੂਕਰਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲਾਭਪਾਤਰੀ ਕਵਰ ਕੀਤੇ ਜਾਣ ਅਤੇ ਕੋਈ ਵੀ ਯੋਗ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਰੋਜਾਨਾ ਇਸ ਯੋਜਨਾ ਦੇ ਕਾਰਡ ਬਣਾਉਣ ਦਾ ਜਾਇਜ਼ਾ ਲੈ ਰਹੇ ਹਨ, ਇਸ ਲਈ ਇਸ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ | ਸਿਹਤ ਮੰਤਰੀ ਨੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਵੀ ਜਾਇਜ਼ਾ ਲਿਆ, ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਥਾਪਰ ਮਾਡਲ 'ਤੇ ਵਿਕਸਤ ਕੀਤਾ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਹਲਕੇ 'ਚ ਯੋਗ ਲਾਭਪਾਤਰੀਆਂ ਨੂੰ ਪੰਜ ਮਰਲੇ ਰਿਹਾਇਸ਼ੀ ਪਲਾਟਾਂ ਦੀ ਵੰਡ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ | ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਹਰ ਪਿੰਡ 'ਚ ਪਿੰਡ ਕਲੀਨਿਕ ਖੋਲ੍ਹੇ ਜਾਣਗੇ | ਡਾ. ਬਲਬੀਰ ਸਿੰਘ ਨੇ ਕੱਚੇ ਘਰਾਂ 'ਚ ਰਹਿ ਰਹੇ ਲਾਭਪਾਤਰੀਆਂ ਨੂੰ ਪੱਕੇ ਘਰ ਮੁਹੱਈਆ ਕਰਵਾਉਣ ਦੀ ਜ਼ਰੂਰਤ 'ਤੇ ਵੀ ਜੋਰ ਦਿੱਤਾ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਸਾਰੀਆਂ ਸੰਬੰਧਿਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਸਾਰੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਅਧਿਕਾਰੀਆਂ ਨਾਲ ਹਫ਼ਤਾਵਾਰੀ ਸਮੀਖਿਆ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ | ਸਿਹਤ ਮੰਤਰੀ ਨੇ ਅੱਗੇ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਨ੍ਹਾਂ ਦੇ ਦਫ਼ਤਰ ਵਿਚਕਾਰ ਤਾਲਮੇਲ ਹੋਰ ਬਿਹਤਰ ਹੋਣਾ ਚਾਹੀਦਾ ਹੈ ਅਤੇ ਸਾਰੇ ਨੋਡਲ ਅਫ਼ਸਰ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ 'ਚ ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਿਹਤ ਮੰਤਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਡਾ. ਇਸਮਤ ਵਿਜੇ ਸਿੰਘ ਅਤੇ ਸਿਮਰਪ੍ਰੀਤ ਕੌਰ, ਐਸ.ਡੀ.ਐਮ. ਹਰਜੋਤ ਕੌਰ ਸਮੇਤ ਹੋਰ ਸੀਨੀਅਰ ਜ਼ਿਲ੍ਹਾ ਅਧਿਕਾਰੀ ਸ਼ਾਮਲ ਹੋਏ |