ਪਟਿਆਲਾ, 29 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਲਈ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਹ ਵੈਨ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ ਦੇ ਸਾਰੇ 16 ਸਿੱਖਿਆ ਬਲਾਕਾਂ ਨੂੰ ਕਵਰ ਕਰਦੀ ਹੋਈ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਾਉਣ ਲਈ ਉਤਸ਼ਾਹਿਤ ਕਰੇਗੀ | ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਮਾਡਲ ਟਾਊਨ 'ਚ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਰਜੀਤ ਵਾਲੀਆ ਨੇ ਕਿਹਾ ਕਿ ਇਸ ਦਾਖਲਾ ਮੁਹਿੰਮ ਦਾ ਮਕਸਦ ਸਰਕਾਰੀ ਸਕੂਲਾਂ 'ਚ ਮਿਲ ਰਹੀ ਗੁਣਵੱਤਾਪੂਰਨ ਸਿੱਖਿਆ, ਆਧੁਨਿਕ ਸਿੱਖਿਆ ਢਾਂਚੇ ਅਤੇ ਵਿਦਿਆਰਥੀ ਮਿੱਤਰ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਉਣਾ ਹੈ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਕਿਉਂਕਿ ਇਹ ਸਕੂਲ ਹਰ ਪੱਖੋਂ ਨਿੱਜੀ ਸਕੂਲਾਂ ਤੋਂ ਉਤਮ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ, ਵਰਦੀਆਂ ਅਤੇ ਮਿਡ-ਡੇ-ਮੀਲ ਦੀ ਸਹੂਲਤ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਹਰ ਪੱਖੋਂ ਯੋਗ ਅਤੇ ਸਮਰਪਿਤ ਹੋਣ ਕਾਰਨ ਪੰਜਾਬ ਦਾ ਭਵਿੱਖ ਸੁਰੱਖਿਅਤ ਹੱਥਾਂ 'ਚ ਹੈ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਨਿੱਜੀ ਸਕੂਲਾਂ ਤੋਂ ਘੱਟ ਨਹੀਂ ਹਨ | ਵਰਜੀਤ ਵਾਲੀਆ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਸਕੂਲਾਂ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਸਿੱਖਿਆ ਦੇ ਢਾਂਚੇ 'ਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ 'ਚ ਉਪਲਬਧ ਉੱਤਮ ਸਹੂਲਤਾਂ ਦਾ ਲਾਭ ਲੈ ਕੇ ਚੰਗਾ ਭਵਿੱਖ ਬਣਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਂਸ, ਫ਼ੀਲਖ਼ਾਨਾ ਦੇ ਦਸਵੀਂ ਜਮਾਤ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਦੋ ਵਿਦਿਆਰਥੀਆਂ ਨੂੰ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਵੀ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਤੇ ਡਾ. ਰਵਿੰਦਰਪਾਲ ਸਿੰਘ, ਜਸਵਿੰਦਰ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਟਿਆਲਾ-3, ਨਰਿੰਦਰ ਸਿੰਘ, ਜਗਜੀਤ ਵਾਲੀਆ, ਲਖਵਿੰਦਰ ਸਿੰਘ ਕੁਲਦੀਪ ਸਿੰਘ, ਪਰਵਿੰਦਰ ਸਿੰਘ, ਸਮੂਹ ਸਕੂਲਾਂ ਦੇ ਪਿ੍ੰਸੀਪਲ ਅਤੇ ਵੱਡੀ ਗਿਣਤੀ 'ਚ ਬੱਚਿਆਂ ਦੇ ਮਾਪੇ ਹਾਜ਼ਰ ਸਨ |