ਪਟਿਆਲਾ 17 ਫਰਵਰੀ (ਅਮਰਬੀਰ ਸਿੰਘ ਆਹਲੂਾਵਾਲੀਆ)-ਪਟਿਆਲਾ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਦਿਨ-ਰਾਤ ਇਕ ਕਰਨ ਵਾਲੇ ਮੇਅਰ ਕੁੰਦਨ ਗੋਗੀਆ ਦੇ ਕਾਰਜਕਾਲ ਦਾ ਇਕ ਸਾਲ ਸਫਲਤਾਪੂਰਵਕ ਪੂਰਾ ਹੋਣ 'ਤੇ ਰਜਿੰਦਰਾ ਜਿੰਮਖਾਨਾ ਕਲੱਬ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਕਲੱਬ ਦੇ ਪ੍ਰਧਾਨ ਸ਼ੇਰਬੀਰ ਸਿੰਘ ਅਤੇ ਸੈਕਟਰੀ ਹਰਪ੍ਰੀਤ ਸੰਧੂ ਅਤੇ ਹੋਰ ਮੈਂਬਰਾਂ ਨੇ ਮੇਅਰ ਗੋਗੀਆ ਨੂੰ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਤਹਿ ਦਿਲੋਂ ਵਧਾਈ ਦਿੱਤੀ ਅਤੇ ਸ਼ਹਿਰ ਦੀ ਨੁਹਾਰ ਬਦਲਣ ਲਈ ਕੀਤੇ ਗਏ ਕੰਮਾਂ ਦੀ ਬੇਹਦ ਸ਼ਲਾਘਾ ਕੀਤੀ | ਪ੍ਰਧਾਨ ਸ਼ੇਰਬੀਰ ਸਿੰਘ ਨੇ ਮੇਅਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਪਟਿਆਲਾ ਸ਼ਹਿਰ ਨੇ ਵਿਕਾਸ ਦੇ ਖੇਤਰ 'ਚ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ | ਉਨ੍ਹਾਂ ਕਿਹਾ ਕਿ ਮੇਅਰ ਗੋਗੀਆ ਦੀ ਅਗਵਾਈ ਹੇਠ ਨਗਰ ਨਿਗਮ ਨੇ ਨਾ ਸਿਰਫ ਪੁਰਾਣੇ ਲਟਕ ਰਹੇ ਪ੍ਰੋਜੈਕਟਾਂ ਨੂੰ ਨੇਪਰੇ ਚਾੜਿ੍ਹਆ ਹੈ, ਸਗੋਂ ਸ਼ਹਿਰ ਦੇ ਬੁਨਿਆਦੀ ਢਾਂਚੇ, ਸੜਕਾਂ ਦੇ ਨਿਰਮਾਣ ਅਤੇ ਸਫ਼ਾਈ ਵਿਵਸਥਾ 'ਚ ਵੀ ਵੱਡੇ ਸੁਧਾਰ ਕੀਤੇ ਹਨ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਮੇਅਰ ਵਲੋਂ ਹਰ ਵਾਰਡ 'ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਕਲੱਬ ਦੇ ਸੈਕਟਰੀ ਹਰਪ੍ਰੀਤ ਸੰਧੂ ਨੇ ਕਿਹਾ ਕਿ ਸ਼ਹਿਰ ਦੀਆਂ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਸੁੰਦਰ ਲਾਈਟਾਂ ਦੇ ਪ੍ਰਬੰਧ ਨੇ ਪਟਿਆਲਾ ਦੀ ਦਿੱਖ ਨੂੰ ਚਾਰ ਚੰਨ ਲਗਾ ਦਿੱਤੇ ਹਨ | ਮੇਅਰ ਗੋਗੀਆ ਨੇ ਜਿੰਮਖਾਨਾ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਕੁਝ ਸ਼ਹਿਰ ਵਾਸੀਆਂ ਦੇ ਸਹਿਯੋਗ ਅਤੇ ਟੀਮ ਵਰਕ ਸਦਕਾ ਹੀ ਸੰਭਵ ਹੋਇਆ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ 'ਚ ਪਟਿਆਲਾ ਨੂੰ ਪ੍ਰਦੂਸ਼ਣ ਮੁਕਤ ਅਤੇ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਹੋਰ ਵੀ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ |