ਰਾਜਪੁਰਾ, 1 ਅਪ੍ਰੈਲ (ਰਣਜੀਤ ਸਿੰਘ)-ਇੱਥੋਂ ਦੀ ਅਨਾਜ ਮੰਡੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਤੋ ਪਹਿਲਾਂ ਪ੍ਰਸ਼ਾਸਨ ਵਲੋਂ ਸਾਫ਼ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਬਿਜਲੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਦਾ ਦਾਅਵਾ ਕੀਤਾ ਸੀ | ਅੱਜ ਪਹਿਲੇ ਹੀ ਦਿਨ ਪ੍ਰਸ਼ਾਸਨ ਦੇ ਦਾਅਵਿਆਂ ਦੀ ਫੂਕ ਨਿਕਲੀ ਵਿਖਾਈ ਦਿਤੀ ਜਦੋਂ ਮੰਡੀ ਵਿਚ ਥਾਂ-ਥਾਂ 'ਤੇ ਗੰਦਗੀ ਦੇ ਢੇਰ ਆਪਣੀ ਵਾਰੀ ਦੀ ਉਡੀਕ ਵਿਚ ਸਨ | ਇਸ ਗੱਲ ਨੂੰ ਲੈ ਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੰਡੀ ਪ੍ਰਬੰਧਾਂ 'ਤੇ ਸਵਾਲ ਚੁੱਕਦਿਆਂ ਨਾਅਰੇਬਾਜ਼ੀ ਕੀਤੀ | ਇਸ ਸੰਬੰਧੀ ਕਿਸਾਨ ਆਗੂ ਸੁਰਿੰਦਰ ਪਾਲ ਸਿੰਘ ਗੋਂਸਪੁਰ ਅਤੇ ਹੋਰਨਾਂ ਨੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੋਰਚਾ ਖ਼ੋਲ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਕਣਕ ਦੀ ਸਰਕਾਰੀ ਖ਼ਰੀਦ ਦਾ ਆਗਾਜ਼ ਹੋ ਚੁੱਕਾ ਹੈ ਪਰ ਜ਼ਮੀਨੀ ਹਕੀਕਤ ਵਾਅਦਿਆਂ ਤੋਂ ਬਿਲਕੁਲ ਉਲਟ ਹੈ | ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਮੁੱਢਲੀਆਂ ਸਹੂਲਤਾਂ ਦੀ ਪੂਰੀ ਤਰ੍ਹਾਂ ਨਾਲ ਘਾਟ ਹੈ | ਇਸ ਗੱਲ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਘੂਕ ਸੁੱਤਾ ਪਿਆ ਹੈ ਮੰਡੀ ਵਿਚ ਜਿਹੜੇ ਪ੍ਰਬੰਧ ਅੱਜ ਕੀਤੇ ਜਾ ਰਹੇ ਹਨ ਇਹ ਕਈ ਦਿਨ ਪਹਿਲਾਂ ਹੋ ਜਾਣੇ ਚਾਹੀਦੇ ਸਨ | ਕਿਸਾਨਾਂ ਨੇ ਸਾਫ਼ ਸਫ਼ਾਈ ਕਰਨ ਵਾਲੇ ਟਰੈਕਟਰ ਦੇ ਮੂਹਰੇ ਜਾ ਕੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਅੱਜ ਜਦੋਂ ਕਿਸਾਨ ਮੰਡੀ ਵਿਚ ਆਪਣੀ ਸੋਨੇ ਵਰਗੀ ਫ਼ਸਲ ਲੈ ਕੇ ਆ ਰਹੇ ਹਨ ਤਾਂ ਅੱਜ ਹੀ ਮੰਡੀ ਵਿਚ ਲੇਬਰ ਟਰੈਕਟਰ ਲਾ ਕੇ ਸਫ਼ਾਈ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਦੇ ਦਾਅਵੇ ਸਿਰਫ ਕਾਗ਼ਜ਼ਾਂ ਤੱਕ ਹੀ ਸੀਮਤ ਹਨ ਅਤੇ ਜ਼ਮੀਨੀ ਪੱਧਰ 'ਤੇ ਕੋਈ ਵੀ ਤਿਆਰੀ ਨਜ਼ਰ ਨਹੀਂ ਆ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਲੱਗੇ ਗੰਦਗੀ ਦੇ ਢੇਰ ਲੇਬਰ ਅਤੇ ਕਿਸਾਨਾਂ ਦੀ ਸਿਹਤ ਲਈ ਖ਼ਤਰਾ ਪੈਦਾ ਕਰ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਆਵਾਰਾ ਪਸ਼ੂ ਜਿੱਥੇ ਸੋਨੇ ਵਰਗੀ ਫ਼ਸਲ ਦਾ ਨੁਕਸਾਨ ਕਰਦੇ ਹਨ ਉੱਥੇ ਹੀ ਰਾਤ ਬਰਾਤੇ ਕਿਸਾਨਾਂ ਦਾ ਜਾਨੀ ਨੁਕਸਾਨ ਵੀ ਕਰ ਸਕਦੇ ਹਨ | ਉਨ੍ਹਾਂ ਨੇ ਕਿਹਾ ਕਿ ਸਾਫ਼ ਸਫ਼ਾਈ ਦੇ ਨਾਮ 'ਤੇ ਆਏ ਫ਼ੰਡਾਂ ਵਿਚ ਘਾਲਾ ਮਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸਾਫ਼ ਸਫ਼ਾਈ ਲਈ ਠੇਕੇਦਾਰ ਨੂੰ ਲੱਖਾਂ ਰੁਪਏ ਦਿਤੇ ਗਏ ਹਨ | ਇਸ ਸੰਬੰਧੀ ਮੰਡੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਣ ਦਾ ਕਹਿਣਾ ਹੈ ਕਿ ਬਾਰਸ਼ ਕਾਰਨ ਸਾਫ਼ ਸਫ਼ਾਈ ਦਾ ਮਾੜਾ ਹਾਲ ਹੋ ਗਿਆ ਹੈ ਵੈਸੇ ਮੰਡੀ ਵਿਚ ਸਾਰੇ ਪ੍ਰਬੰਧ ਮੁਕੰਮਲ ਹਨ |