21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਨੌਜਵਾਨ ਅੱਗੇ ਆਉਣ-ਮਨੀਸ਼ ਸਿਸੋਦੀਆ <br/>

ਅਜੀਤ ਡੈਸਕ 02-04-2026

ਪਟਿਆਲਾ, 1 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ 'ਤੇ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ ਦੇ ਦਿੱਤੇ ਸੰਕਲਪ ਉੱਪਰ ਸੰਤ ਸਮਾਜ ਦੀ ਅਗਵਾਈ ਹੇਠ ਵਿਚਾਰ ਚਰਚਾ ਕਰਨ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਬੇਗਮਪੁਰਾ ਦੇ ਦਿੱਤੇ ਸੰਕਲਪ ਦਾ ਦੇਸ਼ ਬਣਾਉਣ ਲਈ ਅੱਗੇ ਆਉਣ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸਿਧਾਂਤਾਂ ਅਨੁਸਾਰ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਦਾ ਕਾਰਜ ਕੀਤਾ ਜਾ ਰਿਹਾ ਹੈ ਉੱਥੇ ਹੀ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ | ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਘਾਟੇ 'ਚੋਂ ਕੱਢਣ ਲਈ ਆਪਣੀ ਵਚਨਬੱਧਤਾ ਨਿਭਾਈ ਹੈ, ਜਿਸ ਸਦਕਾ ਯੂਨੀਵਰਸਿਟੀ ਦਾ 120 ਕਰੋੜ ਰੁਪਏ ਵਾਲਾ ਬਜਟ ਹੁਣ 415 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ | ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਦੇ ਜਨਰਲ ਸਕੱਤਰ ਭੈਣ ਸੰਤੋਸ਼ ਨੇ ਸੰਤ ਨਿਰਮਲ ਦਾਸ ਵਲੋਂ ਬੋਲਦਿਆਂ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸੰਤ ਗੁਰੂ ਰਵਿਦਾਸ ਜੀ ਨੇ ਲੁਕਾਈ 'ਚੋਂ ਅੰਧ ਵਿਸ਼ਵਾਸ ਖ਼ਤਮ ਕਰਕੇ ਸ਼ਬਦ ਗੁਰੂ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੁੱਜੇ ਪ੍ਰੋ. ਮਨਜਿੰਦਰ ਸਿੰਘ ਨੇ ਮੁੱਖ ਭਾਸ਼ਣ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਭ ਤੋਂ ਨੀਵੇਂ ਮੰਨੇ ਜਾਂਦੇ ਸਮਾਜ ਦੇ ਵਰਗ ਨੂੰ ਵੀ ਮੋਹੀ ਤੋਹੀ ਅੰਤਰ ਕੈਸਾ ਦੇ ਸ਼ਬਦ ਨਾਲ ਰੱਬ ਦੇ ਬਰਾਬਰ ਦਾ ਦਰਜਾ ਦਿੱਤਾ ਤੇ ਇਕ ਸ਼ਬਦ ਸੋਹੰ ਰਾਹੀਂ ਭਾਰਤ ਦੇ ਲੋਕਾਂ 'ਚ ਵੱਡਾ ਆਤਮ ਵਿਸ਼ਵਾਸ ਭਰਿਆ | ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ | ਸੈਰ ਸਪਾਟੇ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਸ੍ਰੀ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਪੁਰਬ ਮਨਾ ਰਹੀ ਹੈ ਤੇ ਰਾਜ ਦੇ ਸਾਰੇ ਪਿੰਡਾਂ ਤੇ ਵਾਰਡਾਂ 'ਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ ਅਤੇ 4 ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ | ਸਮਾਰੋਹ ਦੌਰਾਨ ਮੰਚ ਸੰਚਾਲਨ ਡੀਨ ਯੁਵਕ ਸੇਵਾਵਾਂ ਡਾ. ਭੀਮਇੰਦਰ ਸਿੰਘ ਨੇ ਕੀਤਾ | ਸਮਾਰੋਹ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਪਿ੍ੰਸੀਪਲ ਜੇ.ਪੀ. ਸਿੰਘ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ, ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ, ਉਚੇਰੀ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਹਰਜਿੰਦਰ ਸਿੰਘ, ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲ ਤੇ ਫੈਕਲਟੀ ਸਮੇਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਆਰੀਆ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਲੁਬਾਣਾ ਟੇਕੂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।