ਡਿਪਟੀ ਡਾਇਰੈਕਟਰ ਪੰਚਾਇਤੀ ਰਾਜ ਅਤੇ ਏ.ਡੀ.ਸੀ. ਸਮੇਤ 16 ਦੇ ਖ਼ਿਲਾਫ਼ ਵਿਜੀਲੈਂਸ ਨੇ ਕੀਤਾ ਕੇਸ ਦਰਜ <br/>
ਅਜੀਤ ਡੈਸਕ
02-04-2026
ਪਟਿਆਲਾ, 1 ਅਪ੍ਰੈਲ (ਮਨਦੀਪ ਸਿੰਘ ਖਰੌੜ)-ਪਿੰਡ ਹਰਿਆਊ ਖ਼ੁਰਦ ਦੀ ਸ਼ਾਮਲਾਟ ਜ਼ਮੀਨ ਦੀ ਬੋਲੀ ਕਰਨ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਡਿਪਟੀ ਡਾਇਰੈਕਟਰ ਵਿਨੋਦ ਗਾਗਟ ਅਤੇ ਏ.ਡੀ.ਸੀ. ਵਿਕਾਸ ਸੁਰਿੰਦਰ ਸਿੰਘ ਢਿੱਲੋਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਦੇ ਨਾਲ-ਨਾਲ ਇਸ ਮਾਮਲੇ ਵਿਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿਚ ਤਿੰਨ ਸੇਵਾਮੁਕਤ ਬੀ.ਡੀ.ਪੀ.ਓ. ਸ਼ਾਮਿਲ ਹਨ ਜਿਹੜੇ ਸਾਲ 2011 ਤੋਂ ਲੈ ਕੇ ਸਾਲ 2018 ਤੱਕ ਪਾਤੜਾਂ ਵਿਖੇ ਤੈਨਾਤ ਰਹੇ ਹਨ | ਦੂਜੇ ਪਾਸੇ ਡਿਪਟੀ ਡਾਇਰੈਕਟਰ ਅਤੇ ਏ.ਡੀ.ਸੀ. ਨੂੰ ਅੱਜ ਇਕ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਨ੍ਹਾਂ ਦੇ ਪੁਲਿਸ ਰਿਮਾਂਡ ਵਿਚ ਇਕ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ | ਪਟਿਆਲਾ ਵਿਜੀਲੈਂਸ ਵਲੋਂ ਇਸ ਮਾਮਲੇ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਹੜੇ ਵਿਅਕਤੀ ਅਧਿਕਾਰੀ ਇਸ ਕੇਸ ਵਿਚ ਨਾਮਜ਼ਦ ਕੀਤੇ ਗਏ ਹਨ ਉਹ ਸਾਰੇ ਅੰਡਰਗਰਾਊਾਡ ਹੋ ਗਏ ਹਨ | ਸਾਰਿਆਂ ਦੇ ਮੋਬਾਈਲ ਫ਼ੋਨ ਬੰਦ ਆ ਰਹੇ ਹਨ ਪਰ ਵਿਜੀਲੈਂਸ ਵਲੋਂ ਲਗਾਤਾਰ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕੀ ਪਿੰਡ ਹਰਿਆਊ ਖ਼ੁਰਦ ਦੀ ਸੈਂਕੜੇ ਏਕੜ ਜ਼ਮੀਨ ਦੀ ਬੋਲੀ ਨਾ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ ਜਿਸ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਇਹ ਕੇਸ ਦਰਜ ਕੀਤਾ ਗਿਆ ਹੈ |