ਪਟਿਆਲਾ, 1 ਅਪ੍ਰੈਲ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਦੇ ਖ਼ੁਦ ਦੇ ਵਾਰਡ ਨੰਬਰ 30 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਇਕ ਵਿਸ਼ੇਸ਼ 'ਸੰਵਾਦ ਪ੍ਰੋਗਰਾਮ' ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਪਟਿਆਲਾ ਸ਼ਹਿਰੀ ਦੇ ਮੇਅਰ ਕੁੰਦਨ ਗੋਗੀਆ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ | ਇਸ ਸੰਵਾਦ ਪ੍ਰੋਗਰਾਮ ਦੌਰਾਨ ਵਾਰਡ ਨੰਬਰ 30 ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ | ਵਿਧਾਇਕ ਅਤੇ ਮੇਅਰ ਨੇ ਸਾਂਝੇ ਰੂਪ ਵਿਚ ਨੂੰ ਸੰਬੋਧਨ ਕਰਦਿਆਂ ਪਿਛਲੇ 4 ਸਾਲਾਂ ਦੌਰਾਨ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰ ਵਿਚ ਕੀਤੇ ਗਏ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਹਰ ਫ਼ੈਸਲਾ ਜਨਤਾ ਦੀ ਸਹੂਲਤ ਨੂੰ ਮੁੱਖ ਰੱਖ ਕੇ ਲਿਆ ਜਾ ਰਿਹਾ ਹੈ | ਇਸ ਮੌਕੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਰਡ ਪੱਧਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਨਗਰ ਨਿਗਮ ਦੀ ਪਹਿਲ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਨੰਬਰ 30 ਦੀਆਂ ਪਾਣੀ, ਸੀਵਰੇਜ ਅਤੇ ਸੜਕਾਂ ਨਾਲ ਸੰਬੰਧਿਤ ਰਹਿੰਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ | ਸੰਵਾਦ ਦੌਰਾਨ ਇਲਾਕਾ ਨਿਵਾਸੀਆਂ ਨੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ ਅਤੇ ਮੌਕੇ 'ਤੇ ਹੀ ਕਈ ਸਮੱਸਿਆਵਾਂ ਦੇ ਹੱਲ ਲਈ ਮੇਅਰ ਅਤੇ ਵਿਧਾਇਕ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ | ਮੇਅਰ ਕੁੰਦਨ ਗੋਗੀਆ ਨੇ ਦੁਹਰਾਇਆ ਕਿ ਉਹ ਪਟਿਆਲਾ ਵਾਸੀਆਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ ਅਤੇ ਅਜਿਹੇ ਪ੍ਰੋਗਰਾਮ ਭਵਿੱਖ ਵਿਚ ਵੀ ਜਾਰੀ ਰਹਿਣਗੇ ਤਾਂ ਜੋ ਪ੍ਰਸ਼ਾਸਨ ਅਤੇ ਜਨਤਾ ਦੇ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ |