ਸਨੌਰ, 7 ਮਈ (ਸੋਖਲ)-ਹਲਕਾ ਸਨੌਰ 'ਚ ਵਿਕਾਸ ਕਾਰਜਾਂ ਦੀ ਲੜੀ ਜਾਰੀ ਰੱਖਦਿਆਂ ਹਲਕਾ ਇੰਚਾਰਜ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਵਲੋਂ ਸਨੌਰ ਦੇ ਪਿੰਡ ਬੋਲੜ ਕਲਾਂ ਦੇ ਸਰਕਾਰੀ ਸਕੂਲ ਵਿਚ 24 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ | ਇਸ ਖੇਡ ਮੈਦਾਨ ਦੇ ਤਿਆਰ ਹੋਣ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਹੁਣ ਇਲਾਕੇ ਦੇ ਬੱਚੇ ਮਿਆਰੀ ਖੇਡ ਸਹੂਲਤਾਂ ਦਾ ਲਾਭ ਲੈ ਸਕਣਗੇ, ਜਿਸ ਨਾਲ ਉਨ੍ਹਾਂ ਦਾ ਖੇਡਾਂ ਵੱਲ ਰੁਝਾਨ ਹੋਰ ਵਧੇਗਾ ਉਦਘਾਟਨ ਸਮਾਗਮ ਦੌਰਾਨ ਸਰਪੰਚ ਮੀਨੂੰ, ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸਨ, ਚੇਅਰਮੈਨ ਹੈਪੀ ਪਹਾੜੀਪੁਰ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਣ, ਸਹਾਇਕ ਡਾਇਰੈਕਟਰ ਹਰਨੇਕ ਸਿੰਘ, ਸ਼ਾਮ ਸਿੰਘ ਸਨੌਰ ਅਤੇ ਮਲਕੀਤ ਸਿੰਘ ਬੋਲੜ ਸਮੇਤ ਕਈ ਪ੍ਰਮੁੱਖ ਹਸਤੀਆਂ ਮੌਜੂਦ ਰਹੀਆਂ | ਇਸ ਮੌਕੇ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਕਰੀਬ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ | ਇਸੇ ਯੋਜਨਾ ਦੇ ਪਹਿਲੇ ਚਰਨ ਤਹਿਤ ਬੋਲੜ ਕਲਾਂ ਵਿਚ ਇਹ ਮੈਦਾਨ ਤਿਆਰ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਪਿੰਡ ਵਿਚ ਲੰਬੇ ਸਮੇਂ ਤੋਂ ਖੇਡ ਮੈਦਾਨ ਦੀ ਮੰਗ ਸੀ, ਜਿਸ ਨੂੰ ਮਾਨ ਸਰਕਾਰ ਨੇ ਪੂਰਾ ਕੀਤਾ ਹੈ | ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਜਦੋਂ ਪਿੰਡਾਂ ਵਿਚ ਵਧੀਆ ਖੇਡ ਸਹੂਲਤਾਂ ਉਪਲੱਬਧ ਹੋਣਗੀਆਂ ਤਾਂ ਨੌਜਵਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ | ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਨੇ ਇਸ ਉਪਰਾਲੇ ਲਈ ਸਰਕਾਰ ਅਤੇ ਹਡਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਬੱਚਿਆਂ ਦਾ ਖੇਡਾਂ ਵੱਲ ਰੁਝਾਨ ਵਧੇਗਾ ਅਤੇ ਉਹਨਾਂ ਦੀ ਸਿਹਤ ਅਤੇ ਵਿਕਾਸ ਨੂੰ ਨਵਾਂ ਮੰਚ ਮਿਲੇਗਾ ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਪਿੰਡ ਪੰਚਾਇਤ, ਪਾਰਟੀ ਆਗੂਆਂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਲਗਾਈ |