08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਡਾ. ਬੀ.ਐਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਤਰੰਜ 'ਚ ਗੱਡੇ ਝੰਡੇ

ਅਜੀਤ ਡੈਸਕ 08-05-2026
ਦੇਵੀਗੜ੍ਹ, 7 ਮਈ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਵੱਡਾ ਮਾਰਕਾ ਮਾਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਪੂਰੇ ਸੂਬੇ ਵਿਚ ਰੌਸ਼ਨ ਕੀਤਾ ਹੈ | ਸੰਸਥਾ ਦੇ ਹੋਣਹਾਰ ਖਿਡਾਰੀਆਂ ਨੇ ਚੌਥੀ ਵਾਈ.ਐੱਸ.ਪੀ.ਏ. ਸਟੇਟ ਚੈਂਪੀਅਨਸ਼ਿਪ ਵਿਚ ਸਤਰੰਜ ਦੇ ਮੁਕਾਬਲਿਆਂ ਵਿੱਚ ਵਿਰੋਧੀਆਂ ਨੂੰ ਮਾਤ ਦਿੰਦਿਆਂ ਸੋਨ ਤਗਮਾ ਹਾਸਲ ਕੀਤਾ ਹੈ | ਇਸ ਜਿੱਤ ਦੇ ਨਾਲ ਹੀ ਇਨ੍ਹਾਂ ਵਿਦਿਆਰਥੀਆਂ ਨੇ ਹੁਣ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ | ਸਤਰੰਜ ਵਰਗੀ ਦਿਮਾਗ਼ੀ ਖੇਡ ਵਿਚ ਮਿਲੀ ਇਸ ਵੱਡੀ ਸਫਲਤਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਲਾਕੇ ਦੇ ਬੱਚਿਆਂ ਵਿਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ | ਸਟੇਟ ਪੱਧਰ ਦੇ ਮੁਕਾਬਲਿਆਂ ਵਿਚ ਪੂਰੇ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ ਸੀ, ਜਿੱਥੇ ਡਾ. ਬੀ.ਐੱਸ. ਸੰਧੂ ਸਕੂਲ ਦੇ ਬੱਚਿਆਂ ਨੇ ਆਪਣੀ ਚੁਸਤੀ ਅਤੇ ਬਿਹਤਰੀਨ ਰਣਨੀਤੀ ਸਦਕਾ ਪਹਿਲਾ ਸਥਾਨ ਪ੍ਰਾਪਤ ਕੀਤਾ | ਜਿੱਤ ਦੀ ਖ਼ਬਰ ਮਿਲਦਿਆਂ ਹੀ ਸਕੂਲ ਕੈਂਪਸ ਵਿਚ ਜਸ਼ਨ ਦਾ ਮਾਹੌਲ ਬਣ ਗਿਆ ਅਤੇ ਅਧਿਆਪਕਾਂ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ | ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਜੇਤੂ ਖਿਡਾਰੀਆਂ ਮੁਬਾਰਕਬਾਦ ਦਿੱਤੀ | ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਬੱਚਿਆਂ ਦੀ ਦਿਨ-ਰਾਤ ਦੀ ਮਿਹਨਤ ਅਤੇ ਸਕੂਲ ਦੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਦੇ ਸਹੀ ਮਾਰਗਦਰਸ਼ਨ ਸਿਰ ਬੰਨਿ੍ਹਆ | ਚੇਅਰਮੈਨ ਸੰਧੂ ਨੇ ਕਿਹਾ ਕਿ ਅਵਤਾਰ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥੀ ਲਗਾਤਾਰ ਖੇਡਾਂ ਵਿਚ ਨਵੇਂ ਮੁਕਾਮ ਹਾਸਲ ਕਰ ਰਹੇ ਹਨ | ਉਨ੍ਹਾਂ ਉਮੀਦ ਜਤਾਈ ਕਿ ਨੈਸ਼ਨਲ ਪੱਧਰ 'ਤੇ ਵੀ ਇਹ ਬੱਚੇ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਟਰਾਫ਼ੀ ਜਿੱਤ ਕੇ ਲਿਆਉਣਗੇ | ਇਸ ਮੌਕੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜੀਵਨ ਦਾ ਅਹਿਮ ਹਿੱਸਾ ਹਨ | ਉਨ੍ਹਾਂ ਕਿਹਾ, ''ਸਾਡਾ ਸਕੂਲ ਜਿੱਥੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿਚ ਮੋਹਰੀ ਰੱਖਣ ਲਈ ਵਚਨਬੱਧ ਹੈ, ਉੱਥੇ ਹੀ ਉਨ੍ਹਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਖੇਡਾਂ ਦੀਆਂ ਹਰ ਸੰਭਵ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਸਤਰੰਜ ਵਰਗੀ ਖੇਡ ਬੱਚਿਆਂ ਦੀ ਇਕਾਗਰਤਾ ਅਤੇ ਫ਼ੈਸਲਾ ਲੈਣ ਦੀ ਸ਼ਕਤੀ ਨੂੰ ਵਧਾਉਂਦੀ ਹੈ | ਪਿ੍ੰਸੀਪਲ ਨੇ ਜੇਤੂ ਖਿਡਾਰੀਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਮਾਪਿਆਂ ਦੇ ਸਹਿਯੋਗ ਤੋਂ ਬਿਨਾਂ ਅਜਿਹੀਆਂ ਪ੍ਰਾਪਤੀਆਂ ਸੰਭਵ ਨਹੀਂ ਹਨ | ਸਕੂਲ ਪ੍ਰਬੰਧਕਾਂ ਨੇ ਭਰੋਸਾ ਦਿੱਤਾ ਕਿ ਨੈਸ਼ਨਲ ਖੇਡਾਂ ਲਈ ਜਾਣ ਵਾਲੇ ਵਿਦਿਆਰਥੀਆਂ ਦੀ ਤਿਆਰੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਲਾਕਾ ਨਿਵਾਸੀਆਂ ਨੇ ਵੀ ਸਕੂਲ ਦੀ ਇਸ ਵੱਡੀ ਉਪਲਬਧੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਬੇਅਦਬੀ ਬਾਰੇ ਬਣਿਆ ਕਾਨੂੰਨ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ-ਡਾ. ਮਨਜੀਤ ਸਿੰਘ ਰੰਧਾਵਾ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਕਰਾਟੇ ਚੈਂਪੀਅਨਸ਼ਿਪ ਵਿਚ ਕੀਤਾ ਵਧੀਆ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।