ਖ਼ਾਲਸਾ ਕਾਲਜ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ, ਵਿਦਿਆਰਥੀਆਂ ਨੇ ਦਿੱਤਾ ਸਫ਼ਾਈ ਦਾ ਸੁਨੇਹਾ
ਪਟਿਆਲਾ, 12 ਅਗਸਤ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਪਟਿਆਲਾ ਵਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਕਾਲਜ ਦੇ ਐੱਨ. ਐੱਸ.
ਪਟਿਆਲਾ, 12 ਅਗਸਤ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਪਟਿਆਲਾ ਵਲੋਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਐੱਨ. ਸੀ. ਸੀ. ਦੀਆਂ ਵੱਖ-ਵੱਖ ਵਿੰਗਾਂ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਵਿਦਿਆਰਥੀਆਂ ਅਤੇ ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਕਾਲਜ ਦੇ ਗੇਟ ਨੰਬਰ 1 ਤੋਂ ਲੈ ਕੇ 13 ਨੰਬਰ ਫਾਟਕ ਤੱਕ ਸੜਕ ਉੱਪਰ ਪਏ ਪੋਲੀਥੀਨ ਅਤੇ ਪਲਾਸਟਿਕ ਦੇ ਕੂੜੇ ਨੂੰ ਇਕੱਠਾ ਕਰਕੇ ਸਫ਼ਾਈ ਕੀਤੀ। ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਫ਼ਾਈ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕੂੜਾ ਵੱਖ-ਵੱਖ ਕਰਕੇ ਸੁੱਟਣ, ਸਫ਼ਾਈ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਅਤੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਜਾਗਰੂਕ ਕਰਨਾ ਸੀ। ਇਸ ਮੌਕੇ ਖਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਊਭਾ, ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਅਤੇ ਐੱਨ.ਸੀ.ਸੀ. ਵਿੰਗਾਂ ਦੇ ਇੰਚਾਰਜ ਹਾਜ਼ਰ ਸਨ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਨ ਇੰਜੀਨੀਅਰ ਗੁਰਕਰਨ ਸਿੰਘ ਅਤੇ ਜੂਨੀਅਰ ਇੰਜੀਨੀਅਰ ਦੀਪਕ ਕੁਮਾਰ ਸਲਾਰੀਆ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਵਾਤਾਵਰਨ ਇੰਜੀਨੀਅਰ ਗੁਰਕਰਨ ਸਿੰਘ ਨੇ ਕਿਹਾ ਕਿ ‘ਮਿਸ਼ਨ ਕਲੀਨ ਪਟਿਆਲਾ’ ਨੂੰ ਸਫ਼ਲ ਬਣਾਉਣ ਲਈ ਆਮ ਲੋਕਾਂ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਅਤੇ ਪਲਾਸਟਿਕ ਮੁਕਤ ਵਾਤਾਵਰਨ ਦੀ ਸਿਰਜਣਾ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਊਭਾ ਨੇ ਵਿਦਿਆਰਥੀਆਂ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਕਲਾਸਰੂਮ ਤੱਕ ਸੀਮਤ ਰਹਿਣ ਦੀ ਬਜਾਏ ਸਮਾਜ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਲੋਕ-ਭਲਾਈ ਮੁਹਿੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।