ਨਸ਼ਿਆਂ ਖ਼ਿਲਾਫ਼ ਨਾਭਾ ਵਾਸੀਆਂ ਦਾ ਰੋਸ, ਪੁਲਿਸ ਨੂੰ ਮੰਗ ਪੱਤਰ ਸੌਂਪ ਕੇ ਸਖ਼ਤ ਕਾਰਵਾਈ ਦੀ ਮੰਗ
ਨਾਭਾ,19 ਅਗਸਤ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਅੰਦਰ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਨਸ਼ਾ ਤਸਕਰੀ ਖ਼ਿਲਾਫ਼ ਨਾਭਾ ਵਾਸੀਆਂ ਵੱਲੋਂ ਰੋਸ ਪ੍ਰਗਟ ਕਰਦੇ ਹੋਏ ਥਾਣਾ ਕੋਤਵਾਲੀ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਸਖ਼ਤ ਅਤੇ ਨਿਰਪੱਖ ਕਾਰਵਾਈ ਦੀ ਮੰਗ ਕੀਤੀ ਗਈ। ਨਸ਼ਿਆਂ ਖ਼ਿਲਾਫ਼ ਇਹ ਧਰਨਾ ਪੱਤਰਕਾਰ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗਮਦੂਰ ਸਿੰਘ, ਕਿਸਾਨ ਆਗੂ ਚਮਕੌਰ ਸਿੰਘ, ਜ਼ਿਲ੍ਹਾ ਆਗੂ ਪਰਮਿੰਦਰ ਸਿੰਘ ਸਮੇਤ ਸਮੂਹ ਕਿਸਾਨ ਜਥੇਬੰਦੀ ਦੇ ਨੁਮਾਇੰਦੇ ਅਤੇ ਇਲਾਕਾ ਵਾਸੀ ਸ਼ਾਮਲ ਹੋਏ।
ਥ
ਥਾਣਾ ਕੋਤਵਾਲੀ ਨਾਭਾ ਦੇ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੂੰ ਧਰਨਾਕਾਰੀ ਆਗੂ ਨਸ਼ਿਆਂ ਖ਼ਿਲਾਫ਼ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ
20-08-2026
ਨਾਭਾ,19 ਅਗਸਤ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਅੰਦਰ ਨਸ਼ਿਆਂ ਦੇ ਵਧ ਰਹੇ ਰੁਝਾਨ ਅਤੇ ਨਸ਼ਾ ਤਸਕਰੀ ਖ਼ਿਲਾਫ਼ ਨਾਭਾ ਵਾਸੀਆਂ ਵੱਲੋਂ ਰੋਸ ਪ੍ਰਗਟ ਕਰਦੇ ਹੋਏ ਥਾਣਾ ਕੋਤਵਾਲੀ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਸਖ਼ਤ ਅਤੇ ਨਿਰਪੱਖ ਕਾਰਵਾਈ ਦੀ ਮੰਗ ਕੀਤੀ ਗਈ। ਨਸ਼ਿਆਂ ਖ਼ਿਲਾਫ਼ ਇਹ ਧਰਨਾ ਪੱਤਰਕਾਰ ਸੁਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਗਿਆ, ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗਮਦੂਰ ਸਿੰਘ, ਕਿਸਾਨ ਆਗੂ ਚਮਕੌਰ ਸਿੰਘ, ਜ਼ਿਲ੍ਹਾ ਆਗੂ ਪਰਮਿੰਦਰ ਸਿੰਘ ਸਮੇਤ ਸਮੂਹ ਕਿਸਾਨ ਜਥੇਬੰਦੀ ਦੇ ਨੁਮਾਇੰਦੇ ਅਤੇ ਇਲਾਕਾ ਵਾਸੀ ਸ਼ਾਮਲ ਹੋਏ। ਧਰਨਾਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਇਸ ਦਾ ਸਭ ਤੋਂ ਵੱਧ ਮਾੜਾ ਅਸਰ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਤੱਕ ਕਾਰਵਾਈ ਸੀਮਤ ਨਾ ਰਹੇ, ਸਗੋਂ ਨਸ਼ਿਆਂ ਦੀ ਸਪਲਾਈ ਨਾਲ ਜੁੜੇ ਪੂਰੇ ਤੰਤਰ ਅਤੇ ਪਿੱਛੇ ਕੰਮ ਕਰ ਰਹੇ ਨੈੱਟਵਰਕ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਇਸ ਮੌਕੇ ਆਗੂਆਂ ਨੇ ਨਸ਼ਿਆਂ ਨਾਲ ਸਬੰਧਤ ਇੱਕ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਉਂਦਿਆਂ ਮੰਗ ਕੀਤੀ ਕਿ ਕਾਰਵਾਈ ਦੌਰਾਨ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਤੋਂ ਜੇਕਰ ਕੋਈ ਨਸ਼ੀਲਾ ਪਦਾਰਥ ਜਾਂ ਹੋਰ ਸਬੰਧਤ ਸਮੱਗਰੀ ਬਰਾਮਦ ਹੋਈ ਹੈ ਤਾਂ ਉਸ ਨੂੰ ਮਾਮਲੇ ਦੀ ਕਾਨੂੰਨੀ ਕਾਰਵਾਈ ਦਾ ਹਿੱਸਾ ਬਣਾਇਆ ਜਾਵੇ। ਉਨ੍ਹਾਂ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਪੁਲਿਸ ਨੇ ਦਿੱਤਾ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ : ਧਰਨਾਕਾਰੀਆਂ ਨੂੰ ਜਵਾਬ ਦਿੰਦਿਆਂ ਥਾਣਾ ਕੋਤਵਾਲੀ ਦੇ ਮੁੱਖ ਅਫ਼ਸਰ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਭਰੋਸਾ ਦਿੱਤਾ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਤਾਹੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਾ ਕੋਈ ਵੀ ਵਿਅਕਤੀ, ਭਾਵੇਂ ਉਹ ਕਿਸੇ ਵੀ ਤਰ੍ਹਾਂ ਪ੍ਰਭਾਵਸ਼ਾਲੀ ਹੋਵੇ, ਕਾਨੂੰਨ ਦੀ ਪਕੜ ਤੋਂ ਬਾਹਰ ਨਹੀਂ ਰਹੇਗਾ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਥਾਣਾ ਕੋਤਵਾਲੀ ਮੁਖੀ ਬਰਾੜ ਨੇ ਦੱਸਿਆ ਕਿ ਨਸ਼ਿਆਂ ਨਾਲ ਸਬੰਧਤ ਮਾਮਲੇ ਵਿੱਚ ਕਾਬੂ ਕੀਤੇ ਗਏ ਵਿਅਕਤੀਆਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੋਇਆ ਹੈ। ਇਸ ਦੌਰਾਨ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਮਾਂਡ ਦੌਰਾਨ ਜੇਕਰ ਕੋਈ ਹੋਰ ਤੱਥ, ਨਸ਼ੀਲਾ ਪਦਾਰਥ, ਸਬੰਧਤ ਸਮੱਗਰੀ ਜਾਂ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੀ ਕੋਈ ਅਹਿਮ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਆਧਾਰ ’ਤੇ ਮਾਮਲੇ ਵਿੱਚ ਬਣਦੀਆਂ ਹੋਰ ਕਾਨੂੰਨੀ ਧਾਰਾਵਾਂ ਸ਼ਾਮਲ ਕਰਨ ਸਮੇਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੰਸਪੈਕਟਰ ਬਰਾੜ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਹਰ ਤੱਥ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ: ਧਰਨਾਕਾਰੀਆਂ ਨੇ ਮੰਗ ਕੀਤੀ ਕਿ ਜਾਂਚ ਦੌਰਾਨ ਜਿਹੜੇ ਵੀ ਵਿਅਕਤੀ ਨਸ਼ਿਆਂ ਦੇ ਕਾਰੋਬਾਰ ਜਾਂ ਸਪਲਾਈ ਨਾਲ ਜੁੜੇ ਪਾਏ ਜਾਂਦੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੌਜਵਾਨਾਂ ਦੇ ਭਵਿੱਖ ਲਈ ਘਾਤਕ ਸਾਬਤ ਹੋ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗਮਦੂਰ ਸਿੰਘ, ਕਿਸਾਨ ਆਗੂ ਚਮਕੌਰ ਸਿੰਘ ਅਤੇ ਜ਼ਿਲ੍ਹਾ ਆਗੂ ਪਰਮਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਇਲਾਕਾ ਵਾਸੀ ਨਸ਼ਿਆਂ ਖ਼ਿਲਾਫ਼ ਪੁਲਿਸ ਤੇ ਪ੍ਰਸ਼ਾਸਨ ਦਾ ਹਰ ਸੰਭਵ ਸਹਿਯੋਗ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕਾਰਵਾਈ ਸਿਰਫ਼ ਕਾਗਜ਼ਾਂ ਤੱਕ ਸੀਮਤ ਨਾ ਰਹੇ, ਸਗੋਂ ਇਸ ਦਾ ਅਸਰ ਜ਼ਮੀਨੀ ਪੱਧਰ ’ਤੇ ਵੀ ਦਿਖਾਈ ਦੇਣਾ ਚਾਹੀਦਾ ਹੈ। ਪੱਤਰਕਾਰ ਸੁਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਧਰਨੇ ਦਾ ਮਕਸਦ ਕਿਸੇ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਬਣਾਉਣਾ ਨਹੀਂ, ਬਲਕਿ ਨਾਭਾ ਇਲਾਕੇ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਸ਼ਾਸਨ ਦਾ ਧਿਆਨ ਇਸ ਗੰਭੀਰ ਸਮੱਸਿਆ ਵੱਲ ਖਿੱਚਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਤੋਂ ਉਮੀਦ ਹੈ ਕਿ ਨਸ਼ਾ ਤਸਕਰੀ ਨਾਲ ਜੁੜੇ ਹਰ ਵਿਅਕਤੀ ਖ਼ਿਲਾਫ਼ ਨਿਰਪੱਖ ਜਾਂਚ ਉਪਰੰਤ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।