01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਿਹਤ ਮੰਤਰੀ ਨੇ ਮੇਅਰ, ਡੀ. ਸੀ. ਤੇ ਵਧੀਕ ਕਮਿਸ਼ਨਰ ਨਾਲ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਤੀਜੇ ਦਿਨ ਲਗਾਤਾਰ “ਮਿਸ਼ਨ ਕਲੀਨ ਪੰਜਾਬ” ਮੁਹਿੰਮ ਜਾਰੀ

ਪਟਿਆਲਾ, 31 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ “ਮਿਸ਼ਨ ਕਲੀਨ ਪੰਜਾਬ” ਮੁਹਿੰਮ ਤਹਿਤ ਤੀਜੇ ਦਿਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ।

ਅਜੀਤ ਡੈਸਕ 01-09-2026
ਪਟਿਆਲਾ, 31 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ “ਮਿਸ਼ਨ ਕਲੀਨ ਪੰਜਾਬ” ਮੁਹਿੰਮ ਤਹਿਤ ਤੀਜੇ ਦਿਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕੂੜਾ ਡਸਟਬਿਨ ਵਿਚ ਪਾਉਣ ਤੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਜਾਗਰੂਕ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਵਧੀਕ ਕਮਿਸ਼ਨਰ ਨਗਰ ਨਿਗਮ ਸਿਮਰਪ੍ਰੀਤ ਕੌਰ ਵੀ ਮੌਜੂਦ ਸਨ। ਸਫ਼ਾਈ ਮੁਹਿੰਮ ਦੌਰਾਨ ਡਾ. ਬਲਬੀਰ ਸਿੰਘ ਨੇ ਖ਼ੁਦ ਸਫ਼ਾਈ ਕਾਰਜਾਂ ਵਿਚ ਹਿੱਸਾ ਲੈਂਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹੈ ਤੇ ਸਫ਼ਾਈ ਨੂੰ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਾ ਸਮਝਦੇ ਹੋਏ ਹਰੇਕ ਨਾਗਰਿਕ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ, ਜਨਤਕ ਥਾਵਾਂ ਅਤੇ ਖੁੱਲ੍ਹੇ ਵਿਚ ਸੁੱਟਣ ਦੀ ਬਜਾਏ ਨਿਰਧਾਰਤ ਡਸਟਬਿਨ ਵਿਚ ਹੀ ਪਾਉਣ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਘਟਾ ਕੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿਚ ਹਰ ਨਾਗਰਿਕ ਆਪਣੀ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਦਾ ਮੰਤਵ ਸਿਰਫ਼ ਸਫ਼ਾਈ ਕਰਨਾ ਹੀ ਨਹੀਂ, ਸਗੋਂ ਲੋਕਾਂ ਵਿਚ ਸਫ਼ਾਈ ਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪੰਜਾਬ ਨੂੰ ਸਾਫ਼, ਸੁੰਦਰ ਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਇਸ ਮੁਹਿੰਮ ਦੌਰਾਨ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨੌਜਵਾਨ ਪੀੜ੍ਹੀ ਨੂੰ ਵਾਤਾਵਰਨ ਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੇ ਵੀ ਲੋਕਾਂ ਨੂੰ ਆਲਾ-ਦੁਆਲਾ ਸਾਫ਼ ਰੱਖਣ ਅਤੇ ਸਿੰਗਲ-ਯੂਜ਼ ਪਲਾਸਟਿਕ ਦਾ ਤਿਆਗ ਕਰਨ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਦੇ ਇਸ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੰਤਰੀ ਤੇ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਬੱਚੇ ਤੇ ਨੌਜਵਾਨ ਕਿਸੇ ਸਮਾਜਿਕ ਬਦਲਾਅ ਦੀ ਮੁਹਿੰਮ ਨਾਲ ਜੁੜਦੇ ਹਨ, ਤਾਂ ਉਹ ਮਿਸ਼ਨ ਇਕ ਵੱਡੀ ਜਨ-ਲਹਿਰ ਦਾ ਰੂਪ ਧਾਰਨ ਕਰ ਲੈਂਦਾ ਹੈ।
ਪਿਛਲੀ ਖ਼ਬਰ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਸਰਗਰਮ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੂਲਰ ਤੋਂ ਮਥੁਰਾ, ਵਰਿੰਦਾਵਨ ਲਈ ਵਿਧਾਇਕ ਕੋਹਲੀ ਵਲੋਂ ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।