ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਦੇ ਖੇਤਾਂ ਵਿਚ ਕਿਸਾਨਾਂ ਵਲੋਂ ਬੀਜੇ ਝੋਨੇ ਦਾ ਇਕ-ਇਕ ਦਾਣਾ ਪਹਿਲ ਦੇ ਅਧਾਰ ‘ਤੇ ਖਰੀਦਿਆ ਜਾਵੇਗਾ। ਅੱਜ ਇੱਥੇ ਝੋਨੇ ਦੀ ਸਰਕਾਰੀ ਖ਼ਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪਟਿਆਲਾ ਦੀ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਝੋਨੇ ਵਿਰੁੱਧ ਸਖ਼ਤੀ ਕੀਤੀ ਜਾਵੇਗੀ ਤੇ ਹਰਿਆਣਾ ਦੀ ਹੱਦ ਨਾਲ ਲੱਗਦੇ ਖੇਤਰਾਂ ‘ਚ ਪੁਲਿਸ ਤੇ ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਵਲੋਂ ਨਾਕਾਬੰਦੀ ਵੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਜਿਣਸ ਦੀ ਸੁਚੱਜੀ ਤੇ ਨਿਰਵਿਘਨ ਖਰੀਦ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਆੜਤੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਨਾਲ ਜੁੜੇ ਕਿਸਾਨ ਵੀਰਾਂ ਨੂੰ ਪ੍ਰੇਰਿਤ ਕਰਨ ਕਿ ਉਹ ਝੋਨੇ ਦੇ ਸੀਜਨ ਦੌਰਾਨ ਮੰਡੀਆਂ ‘ਚ ਸੁੱਕਾ ਝੋਨਾ ਹੀ ਲਿਆਉਣ ਤੇ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਵੀ ਨਾ ਲਗਾਉਣ। ਡਾ. ਅਗਰਵਾਲ ਨੇ ਦੱਸਿਆ ਕਿ ਮੰਡੀਆਂ ‘ਚ ਕਿਸਾਨ ਭਰਾਵਾਂ ਸਮੇਤ ਆੜਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਬੈਠਕ ਮੌਕੇ ਏ . ਡੀ. ਸੀ ਅਨੁਪ੍ਰਿਤਾ ਜੌਹਲ, ਐਸ. ਪੀ. ਰਜੇਸ਼ ਛਿੱਬੜ, ਸਮੂਹ ਐਸ.ਡੀ.ਐਮਜ., ਡੀ.ਐਫ.ਐਸ.ਸੀ. ਡਾ. ਰਵਿੰਦਰ ਕੌਰ, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਮਾਰਕੀਟ ਕਮੇਟੀਆਂ ਦੇ ਸਕੱਤਰ, ਆੜਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਮੀਤ ਪ੍ਰਧਾਨ ਇੰਜ. ਸਤਵਿੰਦਰ ਸੈਣੀ, ਚੇਅਰਮੈਨ ਪਵਨ ਸਿੰਗਲਾ, ਜ਼ਿਲ੍ਹਾ ਜਨਰਲ ਸਕੱਤਰ ਦੀਪਕ ਬਾਂਸਲ ਡਕਾਲਾ ਸਮੇਤ ਲੇਬਰ ਤੇ ਲਿਫਟਿੰਗ ਦੇ ਠੇਕੇਦਾਰ ਵੀ ਮੌਜੂਦ ਸਨ। ਡਾ. ਹਿਮਾਂਸ਼ੂ ਅਗਰਵਾਲ ਨੇ ਆੜਤੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਕਿਸਾਨਾਂ ਦੀ ਸਹੂਲਤ ਤੇ ਉਨ੍ਹਾਂ ਦੀ ਫ਼ਸਲ ਦੀ ਸੁਚਾਰੂ ਖਰੀਦ ਹੈ ਇਸ ਲਈ ਸਮੂਹ ਆੜਤੀਏ ਝੋਨੇ ਦੇ ਆਗਾਮੀ ਸੀਜਨ ਦੌਰਾਨ ਜਿਣਸ ਦੀ ਨਿਰਵਿਘਨ ਖਰੀਦ ਲਈ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਆੜਤੀਏ ਕਿਸਾਨਾਂ ਨੂੰ ਪ੍ਰੇਰਤ ਕਰਨ ਕਿ ਉਹ ਵਾਧੂ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਲਿਆਉਣ। ਇਸ ਤੋਂ ਬਿਨ੍ਹਾਂ ਕੋਈ ਵੀ ਕੰਬਾਇਨ ਰਾਤ ਸਮੇਂ ਝੋਨੇ ਦੀ ਕਟਾਈ ਨਹੀਂ ਕਰੇਗੀ ਤੇ ਨਿਰਧਾਰਤ ਸਮੇਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ, ਦੇ ਅੰਦਰ-ਅੰਦਰ ਹੀ ਦਿਨ ਵੇਲੇ ਝੋਨੇ ਦੀ ਕਟਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਆੜਤੀਆਂ ਵਲੋਂ ਮੰਡੀਆਂ ‘ਚ ਚੋਰੀ, ਲਾਈਟਾਂ ਸਮੇਤ ਹੋਰ ਮਸਲੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਤੇ ਪਿਛਲੇ ਸੀਜਨ ‘ਚ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਸਲ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੀਂਹ ਦੇ ਸਨਮੁੱਖ ਤਰਪਾਲਾਂ ਦਾ ਪ੍ਰਬੰਧ ਪੂਰਾ ਹੋਵੇ ਤੇ ਕਮੀ ਪੇਸ਼ੀ ਰਹਿਣ ‘ਤੇ ਸਬੰਧਤ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਮੰਡੀ ‘ਚ ਸਾਫ਼ ਸਫ਼ਾਈ, ਨਮੀ ਚੈਕ ਕਰਨ ਵਾਲੇ ਮੀਟਰਾਂ ਦੀ ਕੈਲੀਬ੍ਰੇਸ਼ਨ, ਬਾਰਦਾਨੇ, ਢੋਆ-ਢੋਆਈ, ਲੇਬਰ, ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਟੁਆਇਲਟਸ, ਸੁਰੱਖਿਆ ਸਮੇਤ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਕਰਨੇ ਯਕੀਨੀ ਬਣਾਏ ਜਾਣ ਤਾਂ ਕਿ ਮੰਡੀਆਂ ‘ਚ ਕੋਈ ਪ੍ਰੇਸ਼ਾਨੀ ਨਾ ਆਵੇ ਤਾਂ ਕਿ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਸਮੇਂ ਸਿਰ ਖਰੀਦਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਤੇ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋਂ ਬਚਣ। ਇਸ ਮੌਕੇ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਦੇ ਆੜਤੀਆ ਐਸੋਸੀਏਸ਼ਨਾਂ ਦੇ ਪ੍ਰਧਾਨ ਤੇ ਹੋਰ ਨੁਮਾਇੰਦੇ ਵੀ ਪੁੱਜੇ ਹੋਏ ਸਨ।
ਪੰਜਾਬ ਦੇ ਖੇਤਾਂ ’ਚ ਬੀਜੇ ਝੋਨੇ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ, ਬਾਹਰੋਂ ਝੋਨਾ ਲਿਆਉਣ ਵਿਰੁੱਧ ਹੋਵੇਗੀ ਸਖ਼ਤੀ- ਡੀ. ਸੀ.
ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਦੇ ਖੇਤਾਂ ਵਿਚ ਕਿਸਾਨਾਂ ਵਲੋਂ ਬੀਜੇ ਝੋਨੇ ਦਾ ਇਕ-ਇਕ ਦਾਣਾ ਪਹਿਲ ਦੇ ਅਧਾਰ ‘ਤੇ ਖਰੀਦਿਆ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੈਠਕ ਕਰਦੇ ਹੋਏ। ਅਜੀਤ ਤਸਵੀਰ
23-09-2026