ਫ਼ਰੀਦਕੋਟ, 13 ਅਗਸਤ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਫ਼ਿਰੋਜ਼ਪੁਰ ਰੋਡ ’ਤੇ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਕੀਤੀ ਗਈ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸੇਮਨਾਲਾ ਪੁਲ ਨਜ਼ਦੀਕ ਫ਼ਿਰੋਜ਼ਪੁਰ ਰੋਡ ਫ਼ਰੀਦਕੋਟ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੋਟਰਸਾਈਕਲ ’ਤੇ ਆ ਰਹੇ ਪਰਮਿੰਦਰ ਸਿੰਘ ਸੋਹਨੀ ਪੁੱਤਰ ਸ਼ਿੰਦਰ ਸਿੰਘ ਤੇ ਸਤਨਾਮ ਸਿੰਘ ਲੰਡਾ ਪੁੱਤਰ ਰੋਸ਼ਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 258 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਤੇ 300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦਾ ਪਲਟੀਨਾ ਮੋਟਰਸਾਈਕਲ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਦੋਵਾਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।