ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ 26 ਜਨਵਰੀ 2026 ਨੂੰ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰਤਾ ਦਿਵਸ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ | ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ, ਗਣਤੰਤਰ ਦਿਵਸ ਨਾਲ ਸਬੰਧਿਤ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਇਸ ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਨੇਪਰੇ ਚਾੜਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਬੀ.ਐਸ.ਐਫ. ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਅਤੇ ਸਕਾਊਟ ਤੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚਪਾਸਟ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਸਬੰਧੀ ਰਿਹਰਸਲ ਸਮੇਂ ਸਿਰ ਮੁਕੰਮਲ ਕਰਵਾ ਲੈਣ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਵਿਕਾਸ ਸਬੰਧੀ ਕੱਢੀਆਂ ਜਾਣ ਵਾਲੀਆਂ ਝਾਕੀਆਂ ਦਾ ਵੀ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨ੍ਹਾਂ ਨਾਲ ਸਬੰਧਿਤ ਕੰਮ ਦੀ ਜਾਣਕਾਰੀ ਪ੍ਰਾਪਤ ਕੀਤੀ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸੰਦੀਪ ਮਲਹੋਤਰਾ, ਐੱਸ.ਡੀ.ਐਮ ਮੇਜਰ ਵਰੁਣ, ਸਹਾਇਕ ਕਮਿਸ਼ਨਰ ਗੁਰਕਿਰਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਜਨਾ ਕੌਸ਼ਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੀਲਮ ਰਾਣੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗੜਵਾਲ, ਈ.ਓ ਅੰਮਿ੍ਤ ਲਾਲ ਆਦਿ ਹਾਜ਼ਰ ਸਨ |