ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸਾਦਿਕ ਚੌਂਕ ਵਿਖੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਸਾਦਿਕ ਚੌਂਕ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਅੰਮਿ੍ਤਪਾਲ ਸਿੰਘ ਉਰਫ਼ ਗੱਗੂ ਪੁੱਤਰ ਜੀਤ ਸਿੰਘ ਵਾਸੀ ਰੋੜੀਕਪੂਰਾ ਫ਼ਰੀਦਕੋਟ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ 'ਤੇ ਨਾਜਾਇਜ਼ ਸ਼ਰਾਬ ਖਾਸਾ ਸੰਤਰਾ ਦੀਆਂ 8 ਬੋਤਲਾਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਬਰਾਮਦ ਕੀਤੀਆਂ ਗਈਆਂ ਸ਼ਰਾਬ ਦੀਆਂ ਬੋਤਲਾਂ ਸੰਬੰਧੀ ਕੋਈ ਲਾਇਸੰਸ ਜਾਂ ਹੋਰ ਪੁਖਤਾ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ 'ਤੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |