ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ | ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖ਼ਲਿਆਂ 'ਚ ਵਾਧਾ ਕਰਨ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਅੱਜ ਸਰਕਾਰੀ ਦੱਤ ਰੋਡ ਮੋਗਾ ਤੋਂ ਵਿਸ਼ੇਸ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਾਸਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਵਲੋਂ ਮੌਕੇ 'ਤੇ ਅਨੇਕਾਂ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਫਾਰਮ ਭਰਦਿਆਂ ਦਾਖ਼ਲਾ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਦਾਖ਼ਲਾ ਮੁਹਿੰਮ ਨੂੰ ਸਮਰਪਿਤ ਗ਼ੁਬਾਰੇ ਵੀ ਛੱਡੇ ਗਏ | ਉਨ੍ਹਾਂ ਕਿਹਾ ਕਿ ਜਾਗਰੂਕਤਾ ਵੈਨ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਿੱਖਿਆ ਬਲਾਕਾਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰੇਗੀ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮੰਜੂ ਭਾਰਦਵਾਜ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਮਾਲਵਾ ਜ਼ੋਨ ਦੇ ਐਜੂਕੇਸ਼ਨ ਕੁਆਰਡੀਨੇਟਰ ਅਨਿਲਦੀਪ ਸ਼ਰਮਾ, ਅਕਾਦਮਿਕ ਸਪੋਰਟ ਗਰੁੱਪ ਦੇ ਕੋਆਰਡੀਨੇਟਰ ਮਨਮੀਤ ਸਿੰਘ ਰਾਏ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਿੱਖਿਆ ਵਿਭਾਗ ਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨਿਸ਼ਾਨ ਸਿੰਘ ਸੰਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ ਮਠਾੜੂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ ਸੁਨੀਤਾ ਨਾਰੰਗ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਾਘਾ ਪੁਰਾਣਾ ਹਰਦੇਵ ਸਿੰਘ, ਜਸਵਿੰਦਰਪਾਲ ਕੌਰ, ਹਰਸ਼ ਕੁਮਾਰ ਗੋਇਲ, ਪਰਮਜੀਤ ਕੌਰ, ਜਸਪਾਲ ਕੌਰ, ਅਮਨਦੀਪ ਕੌਰ, ਮਮਤਾ ਸ਼ਰਮਾ, ਸ਼ਾਲੂ ਬਾਂਸਲ, ਸਮੂਹ ਸੈਂਟਰ ਹੈੱਡ ਟੀਚਰ, ਹੈੱਡ ਟੀਚਰ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ, ਸਕੂਲ ਪ੍ਰਬੰਧਕੀ ਕਮੇਟੀ ਮੈਂਬਰ, ਮਾਪੇ, ਸਿੱਖਿਆ ਪ੍ਰੇਮੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਦੱਤ ਰੋਡ ਮੋਗਾ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਦੁਆਰਾ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਮੰਚ ਸੰਚਾਲਨ ਮਨੂੰ ਸ਼ਰਮਾ ਦੁਆਰਾ ਬਾਖ਼ੂਬੀ ਕੀਤਾ ਗਿਆ |