15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਕਿਸਾਨ ਜਥੇਬੰਦੀਆਂ ਨੇ ਖੇਤੀਬਾੜੀ ਵਿਕਾਸ ਬੈਂਕ ਜੈਤੋ ਅੱਗੇ ਦਿੱਤਾ ਧਰਨਾ

ਅਜੀਤ ਡੈਸਕ 31-03-2026
ਜੈਤੋ, 30 ਮਾਰਚ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਅੱਜ ਸਥਾਨਕ ਖੇਤੀਬਾੜੀ ਵਿਕਾਸ ਬੈਂਕ ਜੈਤੋ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਿਸਾਨੀ ਮਸਲਿਆਂ ਅਤੇ ਬੀਤੇ ਦਿਨੀਂ ਪਿੰਡ ਹਰੀ ਨੌਂ ਦੇ ਦੋ ਕਿਸਾਨ ਭਰਾਵਾਂ ਵਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ | ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਵੀ ਫ਼ੂਕਿਆ ਗਿਆ | ਧਰਨੇ ਦੌਰਾਨ ਨੀਟੂ ਰੋਮਾਣਾ, ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ, ਛਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ ਅਤੇ ਜਤਿੰਦਰਜੀਤ ਸਿੰਘ ਬਲਾਕ ਕਨਵੀਨਰ ਨੇ ਕਿਹਾ ਕਿ ਕਿਸਾਨਾਂ 'ਤੇ ਵੱਧ ਰਹੇ ਕਰਜ਼ੇ ਅਤੇ ਜ਼ਮੀਨਾਂ ਦੀ ਨਿਲਾਮੀ ਦੇ ਨੋਟਿਸਾਂ ਕਾਰਨ ਪਿੰਡਾਂ ਵਿਚ ਚਿੰਤਾ ਅਤੇ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਕਈ ਮਾਮਲਿਆਂ ਵਿਚ ਬੈਂਕਾਂ ਵਲੋਂ ਲਏ ਗਏ ਕਰਜ਼ੇ ਦੇ ਮੁਕਾਬਲੇ ਕਾਫ਼ੀ ਵੱਧ ਰਕਮ ਵਸੂਲ ਕੀਤੀ ਜਾ ਰਹੀ ਹੈ, ਜੋ ਨਿਯਮਾਂ ਦੇ ਉਲਟ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਕਿਸਾਨਾਂ ਨੂੰ ਇਨਸਾਫ਼ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕਰਜ਼ੇ ਦੇ ਬੋਝ ਹੇਠ ਆਏ ਕਈ ਕਿਸਾਨ ਪਰਿਵਾਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ ਅਤੇ ਕੁਝ ਥਾਵਾਂ 'ਤੇ ਦੁੱਖਦਾਈ ਘਟਨਾਵਾਂ ਵੀ ਵਾਪਰ ਰਹੀਆਂ ਹਨ | ਮੰਗ ਪੱਤਰ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੀੜਤ ਪਰਿਵਾਰਾਂ ਨੂੰ ਤੁਰੰਤ ਆਰਥਿਕ ਸਹਾਇਤਾ ਦਿੱਤੀ ਜਾਵੇ ਅਤੇ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਵੀ ਆਪਣੇ ਸਿਰ ਲਈ ਜਾਵੇ | ਇਸ ਤੋਂ ਇਲਾਵਾ ਕਰਜ਼ਾ ਮਾਫ਼ੀ, ਜ਼ਮੀਨਾਂ ਦੀ ਨਿਲਾਮੀ 'ਤੇ ਤੁਰੰਤ ਰੋਕ, ਬੈਂਕਾਂ ਦੀ ਮਨਮਾਨੀ 'ਤੇ ਕਾਰਵਾਈ ਅਤੇ ਕਿਸਾਨਾਂ ਲਈ ਲੰਬੇ ਸਮੇਂ ਦੀ ਢੰਗੀ ਨੀਤੀ ਬਣਾਉਣ ਦੀ ਵੀ ਮੰਗ ਕੀਤੀ ਗਈ | ਇਸ ਮੌਕੇ ਸੁੱਖਾ ਸਿੰਘ ਡੇਲਿਆਂਵਾਲੀ, ਜਤਿੰਦਰਜੀਤ ਸਿੰਘ, ਬਲਵਿੰਦਰ ਸਿੰਘ, ਸਿਕੰਦਰ ਸਿੰਘ, ਕਾਬੁਲ ਸਿੰਘ, ਸੁਖਮੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਝੱਖੜ ਵਾਲਾ, ਹਰਭਗਵਾਨ ਸਿੰਘ ਉਕੰਦਵਾਲਾ, ਮੋਦਨ ਸਿੰਘ ਸਮੇਤ ਹੋਰ ਕਿਸਾਨ ਆਗੂ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਅਗਲੀ ਖ਼ਬਰ ਅੱਜ ਦੀ ਜੈਤੋ 'ਚ ਪੰਜਾਬ ਬਚਾਓ ਰੈਲੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਮੈਂਗਲ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।