ਫ਼ਰੀਦਕੋਟ, 1 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਦੇ ਬੇੜੇ 'ਚ ਅੱਜ 11 ਨਵੇ ਐਮਰਜੈਂਸੀ ਰਿਸਪਾਂਸ ਵਾਹਨ ਸ਼ਾਮਿਲ ਕੀਤੇ ਗਏ | ਇਨ੍ਹਾਂ ਐਮਰਜੈਸੀ ਰਿਸਪਾਂਸ ਵਾਹਨਾਂ ਨੂੰ ਅੱਜ ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਡਿਊਟੀ ਲਈ ਰਵਾਨਾ ਕੀਤਾ ਗਿਆ | ਇਹ ਵਾਹਨ ਫੀਲਡ ਵਿਚ ਤਾਇਨਾਤ ਕਰ ਦਿੱਤੇ ਗਏ ਹਨ ਤਾਂ ਜੋ ਜਨਤਾ ਨੂੰ ਐਮਰਜੈਂਸੀ ਸਥਿਤੀਆਂ ਵਿਚ ਬਿਨ੍ਹਾਂ ਕਿਸੇ ਦੇਰੀ ਦੇ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ | ਐਸ. ਐਸ. ਪੀ. ਫ਼ਰੀਦਕੋਟ ਵਲੋਂ ਐਮਰਜੈਂਸੀ ਰਿਸਪਾਂਸ ਵਾਹਨਾਂ 'ਤੇ ਤਾਇਨਾਤ ਕਰਮਚਾਰੀਆਂ ਨੂੰ ਡਿਊਟੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ | ਉਨ੍ਹਾਂ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਾਇਲ-112 'ਤੇ ਪ੍ਰਾਪਤ ਹੋਣ ਵਾਲੀ ਹਰ ਸੂਚਨਾ 'ਤੇ ਫੌਰੀ ਅਤੇ ਸੁਚਾਰੂ ਰਿਸਪਾਂਸ ਦਿੱਤਾ ਜਾਵੇ ਤੇ ਮੌਕੇ 'ਤੇ ਘੱਟ ਤੋਂ ਘੱਟ ਸਮੇਂ ਵਿਚ ਪਹੁੰਚ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਦੇ ਸ਼ਾਮਿਲ ਹੋਣ ਨਾਲ ਜ਼ਿਲ੍ਹੇ ਵਿਚ ਪੁਲਿਸ ਸਹਾਇਤਾ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਹੋ ਸਕੇਗੀ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਨਾਲ ਜਨਤਾ ਵਿਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ ਅਤੇ ਪੁਲਿਸ-ਪਬਲਿਕ ਸਾਂਝ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਕ) ਫ਼ਰੀਦਕੋਟ ਅਤੇ ਨਵੀਨ ਕੁਮਾਰ ਡੀ.ਐਸ.ਪੀ (ਸਥਾਨਕ) ਫ਼ਰੀਦਕੋਟ ਆਦਿ ਹਾਜ਼ਰ ਸਨ |