05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮਨਪ੍ਰੀਤ, ਰਾਣਾ ਸੋਢੀ ਤੇ ਹੋਰ ਆਗੂਆਂ ਵਲੋਂ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ

ਅਜੀਤ ਡੈਸਕ 04-04-2026
ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, 3 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਦਿਆਲ ਸਿੰਘ ਸੋਢੀ, ਡਾ. ਹਰਜੋਤ ਕਮਲ ਸਾਬਕਾ ਵਿਧਾਇਕ ਮੋਗਾ, ਸਰੂਪ ਚੰਦ ਸਿੰਗਲਾ ਬਠਿੰਡਾ, ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ, ਪਰਮਪਾਲ ਕੌਰ ਮਲੂਕਾ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਭਾਗਸਰ ਤੇ ਗੰਧੜ ਵਿਖੇ ਮੀਂਹ ਤੇ ਗੜ੍ਹੇਮਾਰੀ ਤੋਂ ਬੇਹੱਦ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ | ਭਾਜਪਾ ਆਗੂਆਂ ਨੇ ਕਿਹਾ ਕਿ ਇਸ ਸੰਬੰਧੀ ਸਾਰੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ, ਤਾਂ ਜੋ ਕੇਂਦਰ ਸਰਕਾਰ ਤੋਂ ਪੀੜਤ ਕਿਸਾਨਾਂ ਨੂੰ ਸਹਾਇਤਾ ਦਿਵਾਈ ਜਾ ਸਕੇ | ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਕਣਕ ਦੀ ਪੱਕੀ ਫ਼ਸਲ ਤਬਾਹ ਹੋ ਗਈ ਹੈ |
ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਮੰਦਹਾਲੀ ਦਾ ਸ਼ਿਕਾਰ ਹਨ ਤੇ ਹੁਣ ਕੁਦਰਤ ਦੀ ਇਸ ਮਾਰ ਨੇ ਵੱਡਾ ਨੁਕਸਾਨ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਤੁਰੰਤ ਐਕਸ਼ਨ ਲੈਂਦਿਆਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦੇਣਾ ਚਾਹੀਦਾ ਹੈ | ਭਾਈ ਰਸਬੀਰ ਸਿੰਘ ਸਿੱਧੂ ਤੇ ਜਸਵਿੰਦਰ ਸਿੰਘ ਗੋਹਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਗੜ੍ਹੇਮਾਰੀ ਤੇ ਬੇਮੌਸਮੀ ਬਾਰਿਸ਼ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਫ਼ਸਲਾਂ ਦੇ ਹੋਏ ਨੁਕਸਾਨ ਸੰਬੰਧੀ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਭਾਜਪਾ ਦੀ ਸੂਬਾ ਹਾਈਕਮਾਂਡ ਨੂੰ ਜਾਣੂ ਕਰਵਾਇਆ ਗਿਆ ਸੀ, ਜਿਸ ਮਗਰੋਂ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਇਹ ਦੌਰਾ ਕੀਤਾ ਗਿਆ ਤੇ ਪੀੜਤ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਤੇ ਇਸ ਹੋਏ ਨੁਕਸਾਨ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜਣ ਦਾ ਵਿਸ਼ਵਾਸ ਦਿਵਾਇਆ |
ਪਿਛਲੀ ਖ਼ਬਰ ਪੰਜਗਰਾੲੀਂ ਕਲਾਂ 'ਚ ਅੱਗ ਬੁਝਾਉਣ ਵਾਲੀਆਂ ਦੋ ਟੈਂਕੀਆਂ ਪਿੰਡ ਵਾਸੀਆਂ ਨੂੰ ਸੌਂਪੀਆਂ ਅਗਲੀ ਖ਼ਬਰ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।