ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ 'ਚ ਬੇਅਦਬੀ ਰੋਕਣ ਲਈ ਬਣਾਏ ਗਏ ਸਖ਼ਤ ਕਾਨੂੰਨਾਂ ਲਈ ਕਾਂਗਰਸ ਅਤੇ ਅਕਾਲੀ ਦਲ ਨੂੰ ਆੜ੍ਹੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਪਾਰਟੀਆਂ ਆਪਣੇ ਰਾਜ ਕਾਲ ਦੌਰਾਨ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾ ਸਕਦੀਆਂ ਸਨ ਪ੍ਰੰਤੂ ਇਹ ਸੇਵਾ ਪ੍ਰਮਾਤਮਾ ਨੇ ਉਨ੍ਹਾਂ ਤੋਂ ਲਈ ਹੈ | ਹੁਣ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾ ਦਿੱਤੇ ਹਨ | ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਜ਼ੁਅਰਤ ਨਹੀਂ ਕਰੇਗਾ | ਫ਼ਰੀਦਕੋਟ ਵਿਖੇ ਮੁੱਖ ਮੰਤਰੀ ਵਲੋਂ ਕੱਲ੍ਹ ਸਵੇਰੇ ਆਨੰਦਪੁਰ ਸਾਹਿਬ ਤੋਂ ਸ਼ੁਰੂ ਕੀਤੀ ਗਈ ਸ਼ੁੱਕਰਾਨਾ ਯਾਤਰਾ ਦੌਰਾਨ ਅੱਜ ਸ਼ਾਮ ਨੂੰ ਫ਼ਰੀਦਕੋਟ ਸ਼ਹਿਰ ਵਿਚ ਇਸ ਯਾਤਰਾ ਦੇ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੰਗਤ ਦਾ ਸ਼ੁੱਕਰਾਨਾ ਕਰਨ ਆਏ ਹਨ | ਜਿਨ੍ਹਾਂ ਦੀਆਂ ਅਰਦਾਸਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਕਾਇਮ ਰੱਖਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਸਖ਼ਤ ਕਾਨੂੰਨ ਬਣਾ ਦਿੱਤਾ ਗਿਆ ਹੈ | ਹੁਣ ਕੋਈ ਵੀ ਵਿਅਕਤੀ ਮਾੜੀ ਨਜ਼ਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਵੱਲ ਦੇਖਣ ਦੀ ਕੋਸ਼ਿਸ਼ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਤਹਿਤ ਉਮਰ ਭਰ ਦੀ ਸਖ਼ਤ ਸਜ਼ਾ ਰੱਖੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਹ ਕੱਲ੍ਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦ ਪੁਰ ਸਾਹਿਬ ਤੋਂ ਮੱਥਾ ਟੇਕ ਕੇ ਸ਼ੁੱਕਰਾਨਾ ਯਾਤਰਾ ਆਰੰਭ ਕੀਤੀ ਸੀ | ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਮੱਥਾ ਟੇਕ ਕੇ ਉੱਥੇ ਸ਼ੁੱਕਰਾਨਾ ਕਰਕੇ ਆਏ ਹਨ ਤੇ ਭਲਕੇ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕ ਪ੍ਰਮਾਤਮਾ ਵਲੋੋਂ ਉਨ੍ਹਾਂ ਦਿੱਤੀ ਹੋਈ ਸੇਵਾ ਲਈ ਸ਼ੁੱਕਰਾਨਾ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ਸਾਡਾ ਗੁਰੂ ਸਾਡੇ ਘਰ ਵਿਚ ਹੀ ਸੁਰੱਖਿਅਤ ਨਹੀਂ ਤਾਂ ਫ਼ੇਰ ਅਸੀਂ ਕਿਸੇ ਹੋਰ ਤੋਂ ਕੀ ਉਮੀਦ ਕਰ ਸਕਦੇ ਹਾਂ | ਉਨ੍ਹਾਂ ਹਾਜ਼ਰ ਲੋਕਾਂ ਨੂੰ ਸਾਲ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ | ਫ਼ਰੀਦਕੋਟ ਵਿਖੇ ਯਾਤਰਾ ਦੇ ਪਹੁੰਚਣ 'ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ | ਜਿਸ ਵਿਚ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਅਮੋਲਕ ਸਿੰਘ, ਵਿਧਾਇਕ ਡਾ. ਅਮਨਦੀਪ ਕੌਰ ਮੋਗਾ, ਚੇਅਰਮੈਨ ਗੁਰਤੇਜ ਸਿੰਘ ਖੋਸਾ, ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਅਮਨਦੀਪ ਸਿੰਘ ਬਾਬਾ, ਸਾਬਕਾ ਚੇਅਰਮੈਨ ਸੁਖਜੀਤ ਸਿੰਘ ਢਿਲਵਾਂ ਸਮੇਤ ਪਾਰਟੀ ਦੇ ਦਰਜਾ ਬਰ ਦਰਜਾ ਆਗੂ ਵੀ ਹਾਜ਼ਰ ਸਨ | ਮੁੱਖ ਮੰਤਰੀ ਦੀ ਇਸ ਸ਼ੁੱਕਰਾਨਾ ਯਾਤਰਾ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ | ਡੀ.ਆਈ.ਜੀ. ਨਿਲਾਂਬਰੇ ਜਗਦਲੇ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ. ਡਾ. ਪ੍ਰਗਿਆ ਜੈਨ ਇਨ੍ਹਾਂ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰ ਰਹੇ ਸਨ |