17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਜਸਥਾਨ ਫ਼ੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮ ਦਾ ਲਿਆ ਜਾਇਜ਼ਾ

ਅਜੀਤ ਡੈਸਕ 08-05-2026
ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫ਼ੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਸ੍ਰੀ ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ ਲਗਪਗ 60 ਸਾਲ ਪੁਰਾਣੀ ਹੋਣ ਕਾਰਨ ਇਸ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ | ਪਿਛਲੇ ਸਮੇਂ ਦੌਰਾਨ ਰਾਜਸਥਾਨ ਫ਼ੀਡਰ ਨਹਿਰ ਅਤੇ ਸਰਹਿੰਦ ਫ਼ੀਡਰ ਦੇ ਕਾਮਨ ਬੈਂਕ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿਚ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ | ਇਸ ਨੁਕਸਾਨ ਨੂੰ ਰੋਕਣ ਦੇ ਮੱਦੇਨਜ਼ਰ ਇਹ ਕੰਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਹਿੰਦ ਫ਼ੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਰਾਜਸਥਾਨ ਫ਼ੀਡਰ ਨਹਿਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਦੋਵੇਂ ਨਹਿਰਾਂ ਦੇ ਨਾਲ ਲੱਗਦੇ ਪਿੰਡਾਂ ਅਤੇ ਸ਼ਹਿਰਾਂ ਦਾ ਸੰਭਾਵਿਤ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇਗਾ ਅਤੇ ਖੇਤਾਂ ਨੂੰ ਵੱਧ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ | ਕੈਬਨਿਟ ਮੰਤਰੀ ਦੱਸਿਆ ਕਿ ਫ਼ਰੀਦਕੋਟ ਦੀਆਂ ਸਮਾਜਿਕ ਸੰਸਥਾਵਾਂ ਅਤੇ ਸਥਾਨਕ ਕਿਸਾਨਾਂ ਦੀ ਮੰਗ ਨੂੰ
ਧਿਆਨ ਵਿਚ ਰੱਖਦੇ ਹੋਏ ਫ਼ਰੀਦਕੋਟ ਸ਼ਹਿਰ ਦੇ ਨੇੜੇ ਰਾਜਸਥਾਨ ਫ਼ੀਡਰ ਦੀ 12.50 ਕਿਲੋਮੀਟਰ ਬੈੱਡ ਵਿਚ ਕੰਕਰੀਟ ਦੀ ਥਾਂ ਇੱਟਾਂ ਦੀ ਲਾਈਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਭੂਮੀਗਤ ਪਾਣੀ ਦੇ ਰੀਚਾਰਜ ਨੂੰ ਯਕੀਨੀ ਬਣਾਇਆ ਜਾ ਸਕੇ | ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਰਾਜਸਥਾਨ ਫ਼ੀਡਰ ਨਹਿਰ ਦੀ 80 ਕਿਲੋਮੀਟਰ ਰੀਲਾਈਨਿੰਗ ਦਾ ਕੰਮ ਸਾਲ 2023 ਤੱਕ ਸਫ਼ਲਤਾਪੂਰਵਕ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਨਹਿਰ ਦੀ ਬੰਦੀ ਨਾ ਦਿੱਤੇ ਜਾਣ ਕਾਰਨ ਬਾਕੀ ਕੰਮ ਨਹੀਂ ਹੋ ਸਕਿਆ ਸੀ | ਹੁਣ ਸਾਲ 2026 ਦੀ ਬੰਦੀ ਦੌਰਾਨ ਬਾਕੀ ਰਹਿੰਦੀ 16.62 ਕਿਲੋਮੀਟਰ ਲਾਈਨਿੰਗ ਦਾ ਕੰਮ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ, ਜਿਸ 'ਤੇ ਲਗਪਗ 170 ਕਰੋੜ ਰੁਪਏ ਦੀ ਲਾਗਤ ਆਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਮੀਨੀ ਪਾਣੀ ਬਚਾਉਣ ਲਈ 6700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਜਿਸ ਨਾਲ ਸਿੰਚਾਈ ਲਈ ਵਰਤੇ ਜਾਂਦੇ ਨਹਿਰੀ ਪਾਣੀ ਨੂੰ 26 ਫ਼ੀਸਦੀ ਤੋਂ ਵਧਾ ਕੇ 78 ਫ਼ੀਸਦੀ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੇ ਟੇਲਾਂ 'ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਕਿਸਾਨ ਨਹਿਰੀ ਪਾਣੀ ਵਰਤ ਕੇ ਆਪਣੇ ਖੇਤਾਂ ਦੀ ਸਿੰਚਾਈ ਕਰ ਰਿਹਾ ਹੈ | ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਫ਼ਰੀਦਕੋਟ ਸ਼ਹਿਰ ਨੂੰ ਏਨਾ ਵੱਡਾ ਪ੍ਰਾਜਕੈਟ ਦੇਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬੇਨਤੀ 'ਤੇ ਸਰਕਾਰ ਨੇ ਨਹਿਰ ਦਾ ਬੈੱਡ ਕੰਕਰੀਟ ਦੀ ਥਾਂ ਇੱਟਾਂ ਦਾ ਬਣਾਇਆ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ | ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਨ੍ਹਾਂ ਨਹਿਰਾਂ ਦੀ ਰੀਲਾਇਨਿੰਗ ਨਾਲ ਇਲਾਕੇ ਵਿਚ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਐਕਸੀਅਨ ਰਮਨਪ੍ਰੀਤ ਸਿੰਘ ਮਾਨ, ਮੁੱਖ ਇੰਜੀਨੀਅਰ ਨਹਿਰਾਂ ਸ਼ੇਰ ਸਿੰਘ, ਨਿਗਰਾਨ ਇੰਜੀਨੀਅਰ ਫ਼ਿਰੋਜ਼ਪੁਰ ਨਹਿਰਾਂ ਸੰਦੀਪ ਗੋਇਲ ਤੋਂ ਇਲਾਵਾ ਨਹਿਰ ਵਿਭਾਗ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਫ਼ਰੀਦ ਗੁਰੂਕੁਲ ਕਾਲਜ ਨੇ ਬਰਗਾੜੀ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸੀ.ਪੀ.ਆਈ. ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।