17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਰਾਹੁਲ ਚਾਬਾ ਨੇ ਬਤੌਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 08-05-2026
ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਆਈ.ਏ.ਐਸ ਅਧਿਕਾਰੀ ਰਾਹੁਲ ਚਾਬਾ ਨੇ ਅੱਜ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ | ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਟੀਮ ਵਜੋਂ ਕੰਮ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਵਚਨਬੱਧ ਰਹੇਗਾ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਉਪਲਬਧ ਕਰਵਾਉਣ ਲਈ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਫ਼ਰੀਦਕੋਟ ਵਿਚ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਤੇ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ ਤੇ ਸਰਕਾਰੀ ਸੇਵਾਵਾਂ ਲੋਕਾਂ ਨੂੰ ਮਿਥੇ ਸਮੇਂ ਵਿਚ ਸੇਵਾ ਦੇ ਅਧਿਕਾਰ ਤਹਿਤ ਕਰਵਾਈਆਂ ਮੁੱਹਈਆ ਕਰਵਾਈਆਂ ਜਾਣਗੀਆਂ | ਇਸ ਤੋਂ ਪਹਿਲਾਂ ਉਨ੍ਹਾਂ ਨੂੰ ਫ਼ਰੀਦਕੋਟ ਵਿਖੇ ਪਹੁੰਚਣ 'ਤੇ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਰਾਹੁਲ ਚਾਬਾ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੰਗਰੂਰ ਤੋਂ ਇਲਾਵਾ ਹੋਰ ਵੱਖ-ਵੱਖ ਪ੍ਰਸ਼ਾਸਨਿਕ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ | ਇਸ ਮੌਕੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸੁਖਰਾਜ ਸਿੰਘ ਢਿੱਲੋਂ, ਐਸ.ਡੀ.ਐਮ. ਜੈਤੋ ਵਿਕਰਮਜੀਤ, ਡੀ.ਆਰ.ਓ ਲਵਪ੍ਰੀਤ ਕੌਰ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਤਾਈਕਮਾਂਡੋ ਮੁਕਾਬਲਿਆਂ 'ਚ ਸੋਨ ਤਗਮੇ ਜਿੱਤੇ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।