ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.) ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਮੇਨ ਵਾਟਰ ਵਰਕਸ ਕੋਟਕਪੂਰਾ ਰੋਡ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ ਕਮੇਟੀ ਵਲੋਂ ਪਿਛਲੇ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਕੋਈ ਵੀ ਕਾਰਜ ਨਹੀਂ ਕੀਤਾ ਜਾ ਰਿਹਾ ਅਤੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਾਲਾਂਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮ ਵਿਰੋਧੀ ਮਾਰੂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਨ੍ਹਾਂ ਆਊਟਸੋਰਸ ਇੰਨਲਿਸਟਮੈਂਟ ਮੁਲਾਜ਼ਮਾਂ ਦੀ ਮੰਗ ਨਹੀਂ ਮੰਨਦੀ, ਤਾਂ 9 ਮਈ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਿੜ੍ਹਬਾ ਅੱਗੇ ਵੱਡੇ ਪੱਧਰ 'ਤੇ ਦਿਨ-ਰਾਤ ਦਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਵਲੋਂ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ |