ਮਲੋਟ ਵਿਖੇ ਯੂਥ ਅਕਾਲੀ ਦਲ ਦੀ ਮਿਲਣੀ ਨੇ ਧਾਰਿਆ ਰੈਲੀ ਦਾ ਰੂਪ ਸਰਬਜੀਤ ਸਿੰਘ ਝਿੰਜਰ ਨੇ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ
ਮਲੋਟ, 29 ਅਕਤੂਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਵਿਚ ਕੀਤੀ ਗਈ ਵਿਸ਼ਾਲ ਯੂਥ ਮਿਲਣੀ ਦੌਰਾਨ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਇਸ ਸਮਾਗਮ ਵਿਚ ਪਹੁੰਚੇ।
ਮਲੋਟ, 29 ਅਕਤੂਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਵਿਚ ਕੀਤੀ ਗਈ ਵਿਸ਼ਾਲ ਯੂਥ ਮਿਲਣੀ ਦੌਰਾਨ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਇਸ ਸਮਾਗਮ ਵਿਚ ਪਹੁੰਚੇ। ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਲੱਪੀ ਈਨਾਖੇੜਾ ਤੇ ਯੂਥ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨਾਂ ਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਤਿੱਖੇ ਸਿਆਸੀ ਹਮਲੇ ਕੀਤੇ। ਸਾਬਕਾ ਵਿਧਾਇਕ ਤੇ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਹਰਪ੍ਰੀਤ ਸਿੰਘ ਕੋਟਭਾਈ ਨੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਸਵਾਗਤ ਕਰਦਿਆਂ ਮਿਲਣੀ ਨੂੰ ਵੱਡੇ ਇਕੱਠ ਵਿਚ ਤਬਦੀਲ ਕਰਨ ਲਈ ਇਲਾਕੇ ਦੇ ਯੂਥ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਨਾਲ ਵਧੀਕੀਆਂ ਹੋ ਰਹੀਆਂ ਹਨ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਤੇ ਹੋਰ ਵਿਅਕਤੀਆਂ ਨਾਲ ਸੰਬੰਧਿਤ ਘਟਨਾਵਾਂ ਦਾ ਜ਼ਿਕਰ ਕਰਦਿਆਂ ਇਨ੍ਹਾਂ ਨੂੰ ਅਫ਼ਸੋਸਜਨਕ ਕਰਾਰ ਦਿੱਤਾ ਅਤੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਰੋਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਤੇ ਨੌਜਵਾਨਾਂ ਵਿਚ ਬੇਰੁਜ਼ਗਾਰੀ ਲਈ ਵੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਅਧਿਆਪਕਾਂ ਸਮੇਤ ਵੱਖ-ਵੱਖ ਵਿਭਾਗਾਂ ਵਿਚ ਭਰਤੀਆਂ ਕਰਨ ਨੂੰ ਤਰਜ਼ੀਹ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਡਿਪਟੀ ਮੁੱਖ ਮੰਤਰੀ ਹੁੰਦਿਆਂ ਕਬੱਡੀ ਨੂੰ ਕੌਮਾਂਤਰੀ ਪੱਧਰ ’ਤੇ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੇ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਦਿੱਤੇ ਗਏ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਵਿਚ ਅਸਫ਼ਲ ਰਹੀ ਹੈ। ਇਸ ਮੌਕੇ ਪ੍ਰਭਜੋਤ ਸਿੰਘ ਧਾਲੀਵਾਲ, ਸੰਦੀਪ ਸਿੰਘ ਬਾਠ, ਹਰਿੰਦਰ ਸਿੰਘ ਮਹਿਰਾਨ, ਡਾ. ਦੀਪ ਦਵਿੰਦਰ ਸਿੰਘ, ਚੇਅਰਮੈਨ ਲੱਖਾ ਰੋਹੀਵਾਲਾ, ਜ਼ਿਲ੍ਹਾ ਪ੍ਰਧਾਨ ਨਵਜਿੰਦਰ ਮਾਨ, ਸੁਖਿੰਦਰ ਸਿੰਘ ਭੁੱਲਰ, ਜਸਪਾਲ ਸਿੰਘ ਜੱਸਾ, ਲੱਪੀ ਈਨਾਖੇੜਾ, ਪ੍ਰੀਤਇੰਦਰ ਸਿੰਘ, ਗੁਰਸ਼ਮਿੰਦਰ ਸਿੰਘ ਟੋਨਾ, ਸਰੋਜ ਸਿੰਘ ਸਰਪੰਚ, ਅਸ਼ੋਕ ਬਜਾਜ, ਗੁਰਵਿੰਦਰ ਸਿੰਘ ਲੱਕੀ, ਸੁਰਜੀਤ ਸਿੰਘ, ਪੁਸ਼ਪਿੰਦਰ ਸਿੰਘ, ਜਗਮੀਤ ਸਿੰਘ ਨਾਨਕਪੁਰਾ, ਐਸ.ਓ.ਆਈ. ਦੇ ਪ੍ਰਧਾਨ ਜਸ਼ਨ ਔਲਖ, ਕੁਲਬੀਰ ਸਿੰਘ ਕੋਟਭਾਈ ਸਮੇਤ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਕਈ ਆਗੂ ਤੇ ਵਰਕਰ ਹਾਜ਼ਰ ਸਨ।