ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ- ਡੀ.ਸੀ.
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ।
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਮਿੱਟੀ ਵਿਚ ਮੌਜੂਦ ਲਾਭਦਾਇਕ ਸੂਖ਼ਮ ਜੀਵ ਤੇ ਹੋਰ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੈ। ਇਸ ਨਾਲ ਸਾਹ ਤੇ ਅੱਖਾਂ ਦੀਆਂ ਸਮੱਸਿਆਵਾਂ ਤੋਂ ਇਲਾਵਾ ਬਜ਼ੁਰਗਾਂ, ਬੱਚਿਆਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਵਧੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਖੇਤੀਬਾੜੀ ਵਿਭਾਗ ਵਲੋਂ ਸਿਫ਼ਾਰਸ਼ ਕੀਤੀਆਂ ਆਧੁਨਿਕ ਖੇਤੀ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਮਲਚਰ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਨਾਲ ਮਿੱਟੀ ਵਿਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। ਇਸ ਨਾਲ ਮਿੱਟੀ ਦੀ ਨਮੀ ਬਰਕਰਾਰ ਰਹਿੰਦੀ ਹੈ ਅਤੇ ਕਿਸਾਨਾਂ ਨੂੰ ਭਵਿੱਖ ਵਿਚ ਖ਼ਾਦਾਂ ਦੀ ਵਰਤੋਂ ਘਟਾਉਣ ’ਚ ਵੀ ਮਦਦ ਮਿਲ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ।