ਪਿੰਡ ਮਾਹਲ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਨਾਬਾਲਗ ਗਿ੍ਫ਼ਤਾਰ
ਅਜੀਤ ਡੈਸਕ
22-01-2026
ਜਥੇਦਾਰ ਨੇ ਬੇਅਦਬੀ ਦੀ ਘਟਨਾ 'ਚ ਜਾਂਚ ਕਰਨ ਲਈ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਭੇਜਿਆ
ਅੰਮਿ੍ਤਸਰ, (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ | ਜਥੇਦਾਰ ਗੜਗੱਜ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਤਖ਼ਤ ਸਾਹਿਬ ਤੋਂ ਇਕ ਟੀਮ ਲੈ ਕੇ ਘਟਨਾ ਵਾਲੇ ਸਥਾਨ 'ਤੇ ਪਹੁੰਚਣ ਅਤੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਅਤੇ ਬੇਅਦਬੀ ਸੰਬੰਧੀ ਰਿਪੋਰਟ ਭੇਜਣ |
ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵਲੋਂ ਟੀਮ ਭੇਜੀ ਗਈ ਹੈ-ਧਾਮੀ
ਪਿੰਡ ਮਾਹਲਾ ਵਿਖੇ ਬੇਅਦਬੀ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕਰਦਿਆਂ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਮੈਂਬਰ ਰਣਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਮੌ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਤੋਂ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ, ਜਿਨ੍ਹਾਂ ਨੂੰ ਹਰ ਪੱਧਰ 'ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |