ਨਵੰਬਰ '84 ਸਿੱਖ ਕਤਲੇਆਮ ਦੇ ਪੀੜਤਾਂ ਨਾਲ ਬੇਇਨਸਾਫ਼ੀ-ਧਾਮੀ
ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਇਕ ਅਦਾਲਤ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਜਨਕਪੁਰੀ ਨਾਲ ਸੰਬੰਧਿਤ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸਵਾਲ ਕੀਤਾ ਕਿ ਸਰਕਾਰ ਅਤੇ ਅਦਾਲਤਾਂ ਇਹ ਦੱਸਣ ਕਿ ਫਿਰ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕਿਸ ਨੇ ਕੀਤਾ ਹੈ | ਜਥੇਦਾਰ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਸਿੱਖ ਕਤਲੇਆਮ ਦੇ ਦੋ ਕੇਸਾਂ ਵਿਚ ਸੱਜਣ ਕੁਮਾਰ ਅਜੇ ਵੀ ਜੇਲ੍ਹ ਅੰਦਰ ਸਜ਼ਾ ਭੁਗਤ ਰਿਹਾ ਹੈ ਅਤੇ ਉਹ ਜੇਲ੍ਹ ਵਿਚ ਹੀ ਰਹੇਗਾ, ਪ੍ਰੰਤੂ ਇਕ ਕੇਸ ਵਿਚ ਉਸ ਦਾ ਬਰੀ ਹੋਣਾ ਸਰਕਾਰ ਦੀਆਂ ਜਾਂਚ ਏਜੰਸੀਆਂ ਦੀ ਗੰਭੀਰਤਾ 'ਤੇ ਵੱਡਾ ਸਵਾਲੀਆ ਚਿੰਨ੍ਹ ਹੈ ਅਤੇ ਇਹ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਤੁੱਲ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਇਹ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜ੍ਹਤ ਪਰਿਵਾਰਾਂ ਨਾਲ ਘੌਰ ਬੇਇਨਸਾਫ਼ੀ ਹੈ | ਪ੍ਰਧਾਨ ਧਾਮੀ ਨੇ ਕਿਹਾ ਕਿ ਅਦਾਲਤ ਦੇ ਇਸ ਫ਼ੈਸਲੇ ਨੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ 'ਤੇ ਗਹਿਰੀ ਸੱਟ ਮਾਰੀ ਹੈ, ਜੋ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ | ਉਨ੍ਹਾਂ ਕਿਹਾ ਕਿ ਨਵੰਬਰ '84 ਦਾ ਸਿੱਖ ਕਲਤੇਆਮ ਇਤਿਹਾਸ ਅੰਦਰ ਕਰੂਰ ਕਾਰੇ ਵਜੋਂ ਦਰਜ ਹੈ, ਜਦੋਂ ਸਰਕਾਰੀ ਸ਼ਹਿ 'ਤੇ ਸਿੱਖਾਂ ਨੂੰ ਵਹਿਸ਼ੀਆਨਾ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ ਸੀ |
ਸੱਜਣ ਕੁਮਾਰ ਦਾ ਬਰੀ ਹੋਣਾ ਸਰਕਾਰੀ ਏਜੰਸੀਆਂ ਦੀ ਗੰਭੀਰਤਾ 'ਤੇ ਵੱਡਾ ਸਵਾਲੀਆ ਚਿੰਨ੍ਹ-ਜਥੇਦਾਰ ਗੜਗੱਜ
ਅਜੀਤ ਡੈਸਕ
23-01-2026