ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਨਾਭਾ ਜੇਲ੍ਹ 'ਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ 'ਤੇ ਲਾਪਰਵਾਹੀ ਦਾ ਗੰਭੀਰ ਦੋਸ਼ ਲਗਾਏ ਹਨ | ਐਡਵੋਕੇਟ ਧਾਰਨੀ ਨੇ ਦੱਸਿਆ ਕਿ 5 ਜਨਵਰੀ ਨੂੰ ਫ਼ਤਹਿਗੜ੍ਹ ਸਾਹਿਬ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ ਜਸਟਿਸ ਵਲੋਂ ਨਵੀਂ ਨਾਭਾ ਜੇਲ੍ਹ ਦਾ ਦੌਰਾ ਕੀਤਾ ਗਿਆ ਸੀ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੱਜ ਸਾਹਿਬ ਕੋਲ ਆਪਣੀ ਸੁਰੱਖਿਆ ਬਾਰੇ ਚਿੰਤਾਵਾਂ ਪ੍ਰਗਟਾਈਆਂ ਸਨ | ਮਜੀਠੀਆ ਨੇ ਕਿਹਾ ਕਿ ਗੰਭੀਰ ਅਪਰਾਧੀਆਂ ਨੂੰ ਉਨ੍ਹਾਂ ਦੀ ਬੈਰਕ 'ਚ ਰੱਖਿਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਜਾਨ ਨੂੰ ਵੱਡਾ ਖ਼ਤਰਾ ਹੈ | ਐਡਵੋਕੇਟ ਧਾਰਨੀ ਨੇ ਦੋਸ਼ ਲਗਾਇਆ ਕਿ ਇੰਨੇ ਦਿਨਾਂ ਦੇ ਬਾਵਜੂਦ ਇਨ੍ਹਾਂ ਹੁਕਮਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ | ਬੈਰਕਾਂ ਵਿਚ ਨਾ ਤਾਂ ਕੈਮਰੇ ਲਗਾਏ ਗਏ ਹਨ ਅਤੇ ਨਾ ਹੀ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਨਾਲ ਕੁਝ ਵੀ ਅਣਸੁਖਾਵਾਂ ਵਾਪਰਦਾ ਹੈ ਤਾਂ ਇਸ ਲਈ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ |
ਐਡਵੋਕੇਟ ਧਾਰਨੀ ਨੇ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ 'ਤੇ ਲਗਾਏ ਗੰਭੀਰ ਦੋਸ਼ <br/>
ਅਜੀਤ ਡੈਸਕ
23-01-2026