ਅੰਮਿ੍ਤਸਰ, 18 ਫਰਵਰੀ (ਅਜੀਤ ਬਿਊਰੋ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਮੀਡੀਆ ਨੂੰ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਸਮੇਂ ਜ਼ਖ਼ਮੀ ਹੋਏ ਪਾਵਨ ਸਰੂਪ ਦੀ ਸੇਵਾ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਪੂਰੇ ਸਤਿਕਾਰ ਨਾਲ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਪਾਵਨ ਸ਼ਸ਼ਤਰਾਂ ਦੇ ਮਾਮਲੇ 'ਤੇ ਵੀ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦੀ ਸੇਵਾ ਵੀ ਮਾਹਿਰਾਂ ਦੀ ਰਾਏ ਅਨੁਸਾਰ ਜ਼ਰੂਰਤ ਨੂੰ ਮੁੱਖ ਰੱਖਦਿਆਂ ਕੀਤੀ ਗਈ ਸੀ | ਗਿਆਨੀ ਗੁਰਮੁਖ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸੇਵਾ ਅਤੇ ਪਾਵਨ ਸ਼ਸ਼ਤਰਾਂ ਦੀ ਸੇਵਾ ਸਮੇਂ ਗਿਆਨੀ ਰਘਬੀਰ ਸਿੰਘ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸਨ | ਉਨ੍ਹਾਂ ਕਿਹਾ ਕਿ ਸਤਿਕਾਰਯੋਗ ਪਦਵੀ 'ਤੇ ਹੁੰਦਿਆਂ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਇਨ੍ਹਾਂ ਮਾਮਲਿਆਂ ਸੰਬੰਧੀ ਸੰਗਤਾਂ ਅੰਦਰ ਭਰਮ ਪੈਦਾ ਕਰਨੇ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ | ਉਨ੍ਹਾਂ ਸਪੱਸ਼ਟ ਕੀਤਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਨਾਲ ਸੰਬੰਧਿਤ ਜ਼ਖ਼ਮੀ ਹੋਏ ਪਾਵਨ ਸਰੂਪ ਨਾਲ ਸਲਾਬ ਖ਼ਰਾਬ ਹੋ ਰਹੇ ਸਨ, ਜਿਸ ਦੀ ਸੰਭਾਲ ਲਈ ਸਿੱਖ ਸੰਸਥਾ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਦੀ ਸੇਵਾ ਕਰਵਾਉਣ ਦਾ ਫੈਸਲਾ ਕੀਤਾ ਸੀ | ਇਸ ਦੀ ਸੇਵਾ ਦੌਰਾਨ ਅਨੇਕਾਂ ਸੰਗਤਾਂ ਨੇ ਇਸ ਦੇ ਦਰਸ਼ਨ ਕੀਤੇ ਹਨ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਸ਼ਸਤਰਾਂ ਦੀ ਸੇਵਾ ਕਰਵਾਉਣ ਦੀ ਜ਼ਰੂਰਤ ਵੀ ਤਾਂ ਸੀ, ਕਿਉਂਕਿ ਜੂਨ 1984 ਦੇ ਫ਼ੌਜੀ ਹਮਲੇ ਸਮੇਂ ਇਹ ਨੁਕਸਾਨੇ ਗਏ ਸਨ | ਉਨ੍ਹਾਂ ਕਿਹਾ ਕਿ ਇਸ ਦੀ ਕਾਰ ਸੇਵਾ ਹਜ਼ੂੂਰ ਸਾਹਿਬ ਵਾਲੇ ਬਾਬਾ ਬਲਵਿੰਦਰ ਸਿੰਘ ਤੇ ਬਾਬਾ ਨਰਿੰਦਰ ਸਿੰਘ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਮਾਹਰ ਕਾਰੀਗਰਾਂ ਰਾਹੀਂ ਇਹ ਸੇਵਾ ਕਰਵਾਈ | ਇਸ ਸੇਵਾ ਦੌਰਾਨ ਪੁਰਾਤਨਤਾ ਅਤੇ ਸਤਿਕਾਰ ਦਾ ਪੂਰਾ ਧਿਆਨ ਰੱਖਿਆ ਗਿਆ | ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵਲੋਂ ਕਿਰਪਾਨ ਦੇ ਮੁੱਠੇ ਬਾਰੇ ਉਠਾਇਆ ਸਵਾਲ ਵੀ ਬਿਲਕੁਲ ਬੇਬੁਨਿਆਦ ਹੈ |