ਅਮਰਕੋਟ/ਖੇਮਕਰਨ (ਤਰਨ ਤਾਰਨ), 18 ਫਰਵਰੀ (ਗੁਰਚਰਨ ਸਿੰਘ ਭੱਟੀ, ਰਾਕੇਸ਼ ਕੁਮਾਰ ਬਿੱਲਾ)-ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਅਤੇ ਯੂਥ ਆਗੂ ਗੌਰਵਦੀਪ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਮਰਕੋਟ ਦੀ ਦਾਣਾ ਮੰਡੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਬਹੁਤ ਹੀ ਪ੍ਰਭਾਵਸ਼ਾਲੀ ਰੈਲੀ ਹੋਈ | ਇਸ ਰੈਲੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ 'ਤੇ ਪਹੁੰਚੇ | ਦਾਣਾ ਮੰਡੀ ਵਿਖੇ ਪਹੁੰਚੇ ਸ਼ੋ੍ਰਮਣੀ ਅਕਾਲੀ ਦਲ ਦੇ ਹਜ਼ਾਰਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਦ ਲਿਆ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਰਾਜਸਥਾਨ ਜਾਂਦਾ ਪੰਜਾਬ ਦਾ ਦਰਿਆਈ ਪਾਣੀ ਰੋਕਿਆ ਜਾਵੇਗਾ ਅਤੇ ਜ਼ੋਰ ਦੇ ਕੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਰਾਜਸਥਾਨ ਫੀਡਰ ਨਹਿਰ ਵਿਚ ਚਲ ਰਹੇ ਪਾਣੀ ਦਾ ਮੂੰਹ ਪੰਜਾਬ ਦੇ ਖੇਤਾਂ ਵੱਲ ਮੋੜ ਦੇਵੇਗੀ | 'ਪੰਜਾਬ ਬਚਾਓ, ਸੁਖਬੀਰ ਸਿੰਘ ਬਾਦਲ ਲਿਆਓ' ਮੁਹਿੰਮ ਦੇ ਹਿੱਸੇ ਵਜੋਂ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਵਲੋਂ ਸੂਬੇ ਨਾਲ ਕੀਤੇ ਵਿਤਕਰੇ ਨੂੰ ਖ਼ਤਮ ਕਰਾਂਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਰਾਈਪੇਰੀਅਨ ਸਿਧਾਂਤ ਜੋ ਸਪਸ਼ਟ ਕਹਿੰਦਾ ਹੈ ਕਿ ਜਿਸ ਸੂਬੇ ਵਿਚੋਂ ਦਰਿਆ ਵਗਦਾ ਹੋਵੇ, ਪਾਣੀ ਉਸ ਦਾ ਹੈ, ਦੀ ਉਲੰਘਣਾ ਕਰ ਕੇ ਸਾਡਾ ਅੱਧਾ ਦਰਿਆਈ ਪਾਣੀ ਰਾਜਸਥਾਨ ਨੂੰ ਦੇ ਦਿੱਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਕਦੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਸ.ਵਾਈ.ਐਲ. ਨਹਿਰ ਰਾਹੀਂ ਸੂਬੇ ਦਾ ਪਾਣੀ ਹਰਿਆਣਾ ਨੂੰ ਦੇ ਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨ ਦੇਵੇਗਾ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕੇਂਦਰ ਦੇ ਦਬਾਅ ਹੇਠ ਹੈ, ਕਿਉਂਕਿ ਕੇਂਦਰ ਕੋਲ ਇਸ ਗੱਲ ਦੀ ਜਾਣਕਾਰੀ ਹੈ ਕਿ ਭਗਵੰਤ ਮਾਨ ਨੇ ਆਸਟ੍ਰੇਲੀਆ ਵਿਚ 2500 ਏਕੜ ਜ਼ਮੀਨ ਖਰੀਦੀ ਹੈ | ਇਹੀ ਕਾਰਨ ਹੈ ਕਿ ਭਗਵੰਤ ਮਾਨ ਨੇ ਇਸ ਮਾਮਲੇ 'ਤੇ ਆਪਣਾ ਸਟੈਂਡ ਨਰਮ ਕਰ ਲਿਆ ਹੈ ਅਤੇ ਜਨਤਕ ਤੌਰ 'ਤੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਤੌਰ ਤਰੀਕੇ 'ਤੇ ਚਰਚਾ ਕਰਨ ਵਾਸਤੇ ਹਰ ਵੇਲੇ ਤਿਆਰ ਹੈ | ਉਨ੍ਹਾਂ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਉਹ ਗੈਂਗਸਟਰਵਾਦ ਅਤੇ ਨਸ਼ਾ ਮਾਫੀਆ ਰਾਜ ਦਾ ਹਮੇਸ਼ਾਂ-ਹਮੇਸ਼ਾਂ ਲਈ ਖ਼ਾਤਮਾ ਕਰਨਗੇ | ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਅਨਸਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲੇ ਅਤੇ ਇਨ੍ਹਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਸਕੇ, ਇਸ ਬਾਬਤ ਕਾਨੂੰਨ ਵਿਚ ਸੋਧ ਕਰਾਂਗੇ | ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਰੀਆਂ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਹੋਣਗੀਆਂ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਾਰੇ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ, ਜੋ ਉਹ 10 ਸਾਲਾਂ ਬਾਅਦ ਮੋੜ ਸਕਣਗੇ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਤੀਜੇ ਵਿਖਾਉਣ ਵਾਲੀ ਸਰਕਾਰ ਦੀ ਜ਼ਰੂਰਤ ਹੈ ਨਾ ਕਿ 'ਆਪ' ਸਰਕਾਰ ਵਾਂਗੂ ਗੱਲਾਂ ਦਾ ਕੜਾਹ ਬਣਾਉਣ ਵਾਲੀ ਸਰਕਾਰ ਦੀ | ਇਸ ਮੌਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੋਪੀ ਫਰੰਦੀਪੁਰੀਆ ਨੂੰ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਵਿਚ ਸ਼ਾਮਿਲ ਕੀਤਾ | ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਵੱਡੀ ਗਿਣਤੀ ਵਿਚ ਪਹੁੰਚੇ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ | ਰੈਲੀ ਨੂੰ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਰਵਿੰਦਰ ਸਿੰਘ ਬ੍ਰਹਮਪਰਾ, ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਗੌਰਵਦੀਪ ਸਿੰਘ ਵਲਟੋਹਾ, ਰਣਜੀਤ ਸਿੰਘ, ਢਿੱਲੋਂ ਐਸ.ਓ.ਆਈ., ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ, ਗੁਰਸੇਵਕ ਸਿੰਘ ਸ਼ੇਖ, ਹਰਬੀਰ ਸਿੰਘ ਧਾਰੀਵਾਲ ਆਦਿ ਹਾਜ਼ਰ ਸਨ |
ਅਕਾਲੀ ਦਲ ਦੀ ਸਰਕਾਰ ਬਣਨ 'ਤੇ ਰਾਜਸਥਾਨ ਨੂੰ ਪੰਜਾਬ ਦਾ ਪਾਣੀ ਨਹੀਂ ਜਾਣ ਦਿਆਂਗੇ-ਸੁਖਬੀਰ
ਅਜੀਤ ਡੈਸਕ
19-02-2026