ਚੰਡੀਗੜ੍ਹ, 1 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ | ਇਸ ਮੀਟਿੰਗ ਵਿਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ | ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦਰਿਤ ਸੀ | ਉਨ੍ਹਾਂ ਕਿਹਾ ਕਿ ਮੈਂ ਇਸ ਸਮੇਂ ਵੈਰੀਫਿਕੇਸ਼ਨ ਤੇ ਪ੍ਰਵਾਨਗੀ (ਅਪਰੂਵਲ) ਪੱਧਰ 'ਤੇ ਲੰਬਿਤ ਪਈਆਂ ਕੁੱਲ ਅਰਜ਼ੀਆਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ | ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸਮਾਂਬੱਧ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ, ਤੇ ਮੈਂ ਉਨ੍ਹਾਂ ਸਾਰੀਆਂ ਅਰਜ਼ੀਆਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਵਿਚ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਦੇਰੀ ਹੋਈ ਹੈ | ਉਨ੍ਹਾਂ ਅੱਗੇ ਕਿਹਾ ਕਿ ਜਵਾਬਦੇਹੀ ਲਾਗੂ ਕਰਨ ਅਤੇ ਨਿਪਟਾਰੇ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਵਿਭਾਗ ਵਲੋਂ ਬਕਾਇਆ ਅਰਜ਼ੀਆਂ ਦੇ ਨਾਲ-ਨਾਲ ਦੇਰੀ ਦੇ ਖਾਸ ਕਾਰਨਾਂ ਬਾਰੇ ਵਿਸਤਿ੍ਤ ਡਾਟਾ ਸਰਗਰਮੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ | ਡਿਜੀਟਲ ਗਵਰਨੈਂਸ ਲਈ ਸਰਕਾਰ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਫੇਸਲੈੱਸ ਅਤੇ ਸੰਪਰਕ ਰਹਿਤ ਮੋਡ ਰਾਹੀਂ ਪੇਸ਼ ਕੀਤੀਆਂ ਜਾ ਰਹੀਆਂ ਡਰਾਈਵਿੰਗ ਲਾਇਸੈਂਸ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸ਼੍ਰੇਣੀਆਂ ਅਧੀਨ ਲੰਬਿਤ ਅਰਜ਼ੀਆਂ 'ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ | ਨਾਗਰਿਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰੀਕਿ੍ਤ ਪਿ੍ੰਟਿੰਗ ਬ੍ਰਾਂਚ ਵਿਖੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਦੀ ਛਪਾਈ ਦੇ ਬੈਕਲਾਗ ਨੂੰ ਪ੍ਰਮੁੱਖ ਤਰਜੀਹ ਵਜੋਂ ਲਿਆ ਜਾਣਾ ਚਾਹੀਦਾ ਹੈ | ਸੜਕ ਸੁਰੱਖਿਆ ਅਤੇ ਟਰਾਂਸਪੋਰਟ ਸੰਚਾਲਨ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਪੂਰੇ ਪੰਜਾਬ ਵਿਚ ਬਿਹਤਰ ਟ੍ਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈਵੇਅ ਟ੍ਰੈਫਿਕ ਕੈਮਰਿਆਂ ਦੀ ਤਾਇਨਾਤੀ ਅਤੇ ਨਿਗਰਾਨੀ ਬਾਰੇ ਵਿਸਤਿ੍ਤ ਚਰਚਾ ਕੀਤੀ ਹੈ |
ਪੰਜਾਬ ਸਰਕਾਰ ਵਲੋਂ ਬਕਾਇਆ ਆਰ.ਸੀ. ਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼ <br/>
ਅਜੀਤ ਡੈਸਕ
02-04-2026