ਚੰਡੀਗੜ੍ਹ, 1 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਚੰਡੀਗੜ੍ਹ ਵਿਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਨਿੰਦਾ ਕੀਤੀ ਹੈ | ਸੀਨੀਅਰ ਕਾਂਗਰਸ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਮਾਮਲਾ ਹੈ ਜਦਕਿ ਇਸ ਘਟਨਾ ਨਾਲ ਕੋਈ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ | ਵੜਿੰਗ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਨਾਲ ਸੁਰੱਖਿਆ ਤੇ ਖੁਫੀਆ ਤੰਤਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ, ਜਿਸ ਦੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰਾਲੇ 'ਤੇ ਆਉਂਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਰਗਾ ਸ਼ਹਿਰ, ਜਿੱਥੇ ਦੋ ਰਾਜਪਾਲਾਂ ਤੇ ਦੋ ਮੁੱਖ ਮੰਤਰੀਆਂ ਦੀ ਮੌਜੂਦਗੀ ਨਾਲ ਭਾਰੀ ਸੁਰੱਖਿਆ ਪ੍ਰਬੰਧ ਹੁੰਦੇ ਹਨ, ਉਹ ਵੀ ਸੁਰੱਖਿਅਤ ਨਹੀਂ ਹੈ, ਤਾਂ ਫਿਰ ਪੰਜਾਬ ਦੇ ਬਾਕੀ ਹਿੱਸਿਆਂ ਦੀ ਸਥਿਤੀ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ | ਉਨ੍ਹਾਂ ਉਮੀਦ ਜਤਾਈ ਹੈ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਹਰ ਪੱਖਾਂ ਤੇ ਧਿਆਨ ਦਿੰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰੇਗੀ | ਸ. ਰੰਧਾਵਾ ਨੇ ਚੰਡੀਗੜ੍ਹ ਪੁਲਿਸ ਦੀ ਚੌਕਸੀ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜਧਾਨੀ 'ਚ ਅਜਿਹੀ ਘਟਨਾ ਹੋਣਾ ਆਪਣੇ ਆਪ ਵਿਚ ਚਿੰਤਾਜਨਕ ਵੀ ਹੈ ਅਤੇ ਸਥਾਨਕ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜੇ ਕਰਦਾ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ |
ਰੰਧਾਵਾ ਅਤੇ ਵੜਿੰਗ ਵਲੋਂ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕੇ ਦੀ ਨਿੰਦਾ <br/>
ਅਜੀਤ ਡੈਸਕ
02-04-2026