ਅੰਮਿ੍ਤਸਰ, 1 ਅਪ੍ਰੈਲ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਜਾ ਕੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਪੁਰਬ ਮਨਾਉਣ ਲਈ ਆਉਂਦੇ ਦਿਨਾਂ ਵਿਚ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਕਰੀਬ ਤਿੰਨ ਹਜ਼ਾਰ ਸਿੱਖ ਸ਼ਰਧਾਲੂਆਂ ਦੇ ਜਥੇ ਦੀਆਂ ਤਾਰੀਖਾਂ ਨੂੰ ਲੈ ਕੇ ਅਜੇ ਤੱਕ ਦੁਚਿੱਤੀ ਬਰਕਰਾਰ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਸਰਕਾਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਜਥੇ ਲਈ ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਤਹਿਤ ਇਸ ਵਾਰ ਵਿਸਾਖੀ ਪੁਰਬ ਮਨਾਉਣ ਲਈ ਭਾਰਤ ਤੋਂ ਕਰੀਬ ਤਿੰਨ ਹਜਾਰ ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਅਟਾਰੀ-ਵਾਹਗਾ ਸਰਹੱਦ ਦੇ ਸੜਕ ਰਸਤੇ ਭਾਰਤ ਤੋਂ ਪਾਕਿਸਤਾਨ ਵਿਚ ਦਾਖਲ ਹੋਵੇਗਾ ਅਤੇ 19 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ | ਪਰ ਦੂਜੇ ਪਾਸੇ ਭਾਰਤ ਸਰਕਾਰ ਵਲੋਂ ਵਿਸਾਖੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ 12 ਅਪ੍ਰੈਲ ਤੋਂ 21 ਅਪ੍ਰੈਲ ਤੱਕ ਦਾ ਸ਼ਡਿਊਲ ਜਾਰੀ ਕੀਤਾ ਹੋਇਆ ਹੈ | ਇਨ੍ਹਾਂ ਵੱਖ-ਵੱਖ ਤਾਰੀਖਾਂ ਦੀ ਦੁਚਿੱਤੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਇਸ ਵਾਰ ਜਥੇ ਨਾਲ ਜਾਣ ਵਾਲੇ ਸ਼ਰਧਾਲੂਆਂ ਵਿਚ ਵੀ ਦੁਚਿੱਤੀ ਪਾਈ ਜਾ ਰਹੀ ਹੈ | ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਤੇ ਪਾਕਿ ਸਰਕਾਰ ਵਲੋਂ ਜਥੇ ਲਈ 10 ਅਪ੍ਰੈਲ ਤੋਂ 19 ਅਪ੍ਰੈਲ ਦੇ ਉਲੀਕੇ ਪ੍ਰੋਗਰਾਮ ਅਨੁਸਾਰ ਹੀ ਜਥਾ ਭੇਜਣ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ | ਸਮਝਿਆ ਜਾਂਦਾ ਹੈ ਕਿ ਆਉਂਦੇ ਕੁਝ ਦਿਨਾਂ ਤੱਕ ਜਥੇ ਦੀ ਰਵਾਨਗੀ ਤੇ ਵਾਪਸੀ ਦੀਆਂ ਤਾਰੀਖ਼ਾਂ ਸੰਬੰਧੀ ਫ਼ੈਸਲਾ ਹੋ ਜਾਵੇਗਾ |