ਚੰਡੀਗੜ੍ਹ, 1 ਅਪ੍ਰੈਲ (ਅਜਾਇਬ ਸਿੰਘ ਔਜਲਾ)-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਲਿਆਉਣ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਯੋਜਨਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਵੋਟ-ਬੈਂਕ ਦੀ ਰਾਜਨੀਤੀ ਹੈ, ਕਿਉਂਕਿ ਇਹ ਸਰਕਾਰ ਬਰਗਾੜੀ ਬੇਅਦਬੀ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਜ਼ਾ ਦੇਣ ਵਿਚ ਅਸਫਲ ਰਹੀ ਹੈ | ਇਹ ਗੱਲ ਅੱਜ ਇੱਥੇ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਦੇ ਨੁਮਾਇੰਦਿਆਂ ਵਲੋਂ ਸਾਂਝੀ ਕੀਤੀ | ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਐਕਟ, 2008 ਵਿਚ ਸੋਧਾਂ ਦਾ ਪ੍ਰਸਤਾਵ ਰੱਖਿਆ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਲਈ ਕਾਫ਼ੀ ਸਖ਼ਤ ਸਜ਼ਾਵਾਂ ਲਾਗੂ ਕੀਤੀਆਂ ਜਾਣਗੀਆਂ | ਨਵੇਂ ਕਾਨੂੰਨੀ ਢਾਂਚੇ ਅਧੀਨ ਇਨ੍ਹਾਂ ਜੁਰਮਾਂ ਲਈ ਘੱਟੋ-ਘੱਟ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਨਿਰਧਾਰਿਤ ਕੀਤੀ ਜਾਵੇਗੀ | ਬੁਲਾਰਿਆਂ ਨੇ ਕਿਹਾ ਕਿ ਇਸ ਮਕਸਦ ਲਈ ਆਮ ਆਦਮੀ ਪਾਰਟੀ ਸਰਕਾਰ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਹੈ, ਜੋ ਕਿ ਵਿਸਾਖੀ ਦੇ ਮੌਕੇ ਨਾਲ ਮਿਲਦਾ ਹੈ, ਤਾਂ ਜੋ ਇਹ ਸੋਧਾਂ ਅਧਿਕਾਰਕ ਤੌਰ 'ਤੇ ਲਾਗੂ ਕੀਤੀਆਂ ਜਾ ਸਕਣ | ਇਸ ਸਬੰਧ 'ਚ ਪ੍ਰੋ. ਸ਼ਾਮ ਸਿੰਘ (ਪ੍ਰਧਾਨ), ਡਾ. ਖੁਸ਼ਹਾਲ ਸਿੰਘ (ਜਨਰਲ ਸਕੱਤਰ), ਜਸਪਾਲ ਸਿੰਘ ਸਿੱਧੂ , ਗੁਰਪ੍ਰੀਤ ਸਿੰਘ (ਗਲੋਬਲ ਸਿੱਖ ਕੌਂਸਲ), ਰਾਜਵਿੰਦਰ ਸਿੰਘ ਰਾਹੀ ਅਤੇ ਸੁਰਿੰਦਰ ਸਿੰਘ ਕਿਸ਼ਨਪੁਰਾ ਆਦਿ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਸਖ਼ਤ ਬੇਅਦਬੀ ਕਾਨੂੰਨ ਬਣਾਉਣ ਦਾ ਪ੍ਰਸਤਾਵ ਇਕ ਚਾਲ ਅਤੇ ਢਕੌਂਸਲਾ ਲੱਗਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਇਸ ਬੇਅਦਬੀ ਕਾਨੂੰਨ ਦੇ ਵਿਰੋਧੀ ਹਾਂ, ਕਿਉਂਕਿ ਇਸਦਾ ਗ਼ਲਤ ਇਸਤੇਮਾਲ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਸਿਆਸੀ ਦਬਾਅ ਹੇਠ ਸੱਚੇ ਆਸਤਿਕਾਂ ਅਤੇ ਬੇਗੁਨਾਹ ਲੋਕਾਂ ਖ਼ਿਲਾਫ਼ ਕੀਤਾ ਜਾ ਸਕਦਾ ਹੈ |
ਬੇਅਦਬੀ 'ਤੇ ਸਖ਼ਤ ਕਾਨੂੰਨ ਲਿਆਉਣ ਦੀ ਯੋਜਨਾ 'ਆਪ' ਦੀ ਵੋਟ-ਬੈਂਕ ਰਣਨੀਤੀ-ਕੇਂਦਰੀ ਸਿੰਘ ਸਭਾ <br/>
ਅਜੀਤ ਡੈਸਕ
02-04-2026