ਨਵੀਂ ਦਿੱਲੀ, 14 ਅਪ੍ਰੈਲ (ਜਗਤਾਰ ਸਿੰਘ)-ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਹਸਤੀਆਂ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ | ਇਸ ਦੇ ਨਾਲ ਹੀ ਉਪ ਰਾਸ਼ਟਰਪਤੀ ਸੀ.ਪੀ. ਰਾਧਾਕਿ੍ਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਸੰਸਦ ਮੈਂਬਰ ਮਲਿਕਾਰੁਜਨ ਖੜਗੇ ਅਤੇ ਹੋਰ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਵਿਚ ਡਾ: ਬੀ.ਆਰ. ਅੰਬੇਡਕਰ ਪ੍ਰੇਰਨਾ ਸਥਲ 'ਤੇ ਸ਼ਰਧਾਂਜਲੀ ਭੇਟ ਕੀਤੀ ¢ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਡਾ. ਅੰਬੇਡਕਰ ਨੇ ਨਾ ਸਿਰਫ਼ ਅਸਮਾਨਤਾਵਾਂ ਨੂੰ ਖ਼ਤਮ ਕਰਨ ਦਾ ਰਸਤਾ ਦਿਖਾਇਆ ਬਲਕਿ ਭਾਰਤ ਦੇ ਲੋਕਤੰਤਰੀ ਮੁੱਲਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਮਜ਼ਬੂਤ ਕਰਨ ਵਿਚ ਵੀ ਮੋਹਰੀ ਭੂਮਿਕਾ ਨਿਭਾਈ ¢ ਡਾ. ਅੰਬੇਡਕਰ ਨੇ ਔਰਤਾਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਤਰਜੀਹ ਦਿੱਤੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦੇ ਯਤਨ ਬਹੁਤ ਪ੍ਰੇਰਨਾਦਾਇਕ ਹਨ | ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ ¢
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਰਾਹੁਲ ਸਮੇਤ ਹੋਰਨਾਂ ਆਗੂਆਂ ਵਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀ
ਅਜੀਤ ਡੈਸਕ
15-04-2026