• ਨਸ਼ਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨ ਬਣਾਏ ਜਾਣ ਦਾ ਕੀਤਾ ਐਲਾਨ • ਸ਼ੁਕਰਾਨਾ ਯਾਤਰਾ ਦਾ ਜਲੰਧਰ 'ਚ ਵੱਖ-ਵੱਖ ਥਾਈਾ ਹੋਇਆ ਨਿੱਘਾ ਸਵਾਗਤ
ਜਸਪਾਲ ਸਿੰਘ, ਜਤਿੰਦਰ ਪੰਮੀ
ਜਲੰਧਰ, 7 ਮਈ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ ਸਖਤ ਕਾਨੂੰਨ ਬਣਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਕੀਤੀ ਸ਼ੁਕਰਾਨਾ ਯਾਤਰਾ ਅੱਜ ਦੂਸਰੇ ਦਿਨ ਸਵੇਰੇ ਜਲੰਧਰ ਤੋਂ ਜੈਕਾਰਿਆਂ ਅਤੇ ਨਾਅਰਿਆਂ ਦੀ ਗੂੰਜ 'ਚ ਆਪਣੇ ਅਗਲੇ ਪੜਾਅ ਅੰਮਿ੍ਤਸਰ ਲਈ ਰਵਾਨਾ ਹੋਈ | ਇਸ ਤੋਂ ਪਹਿਲਾਂ ਯਾਤਰਾ ਦਾ ਜਲੰਧਰ ਪੁੱਜਣ 'ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਬਹੁਤ ਹੀ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ | ਇਹ ਸ਼ੁਕਰਾਨਾ ਯਾਤਰਾ ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਪੁਰਾਣੀ ਬਾਰਾਂਦਰੀ ਸਥਿਤ ਸਰਕਾਰੀ ਰਿਹਾਇਸ਼ ਤੋਂ ਆਰੰਭ ਹੋ ਕੇ ਆਦਮਪੁਰ ਪੁੱਜੀ, ਜਿੱਥੋਂ ਇਹ ਯਾਤਰਾ ਕਰਤਾਰਪੁਰ ਤੋਂ ਹੁੰਦੀ ਹੋਈ ਮਾਝੇ 'ਚ ਦਾਖਲ ਹੋਈ ਤੇ ਬਾਅਦ 'ਚ ਰਈਆ ਤੇ ਜੰਡਿਆਲਾ ਗੁਰੂ ਤੋਂ ਹੁੰਦੀ ਹੋਈ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਪੁੱਜੀ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸ਼ੁਕਰਾਨਾ ਯਾਤਰਾ ਦਾ ਰਸਤੇ 'ਚ ਵੱਖ-ਵੱਖ ਥਾਵਾਂ 'ਤੇ ਲੋਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਇਸ ਦੌਰਾਨ ਵਰਕਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਲੋਕਾਂ ਨੇ ਬੇਅਦਬੀ ਸੰਬੰਧੀ ਸਖਤ ਕਾਨੂੰਨ ਬਣਾਉਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਸਿਰੀ ਸਾਹਿਬ ਤੇ ਧਾਰਮਿਕ ਤਸਵੀਰਾਂ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਤੋਂ ਪਹਿਲਾਂ ਜਲੰਧਰ 'ਚ ਇਕ ਪਾਰਕ ਦੇ ਨਜ਼ਦੀਕ ਕਰਵਾਏ ਗਏ ਇਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ | ਉਨ੍ਹਾਂ ਭਾਜਪਾ 'ਤੇ ਫਿਰਕੂ ਧਰੁਵੀਕਰਨ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਸੂਬੇ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਖੇਰੂੰ-ਖੇਰੂੰ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਲੋਕਾਂ ਨੂੰ ਧਰਮ ਦੇ ਨਾਂਅ 'ਤੇ ਲੜਾ ਕੇ ਵੋਟ ਬੈਂਕ ਦੀ ਰਾਜਨੀਤੀ ਕੀਤੀ ਹੈ ਤੇ ਹੁਣ ਵੀ ਸੂਬੇ 'ਚ ਹੋ ਰਹੇ ਛੋਟੇ-ਮੋਟੇ ਬੰਬ ਧਮਾਕੇ ਪੰਜਾਬ ਅੰਦਰ ਭਾਜਪਾ ਦੇ ਦਾਖਲੇ ਦਾ ਹੀ ਸੰਕੇਤ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਿਸੇ ਵੀ ਕੀਮਤ 'ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਪੰਜਾਬ 'ਚ ਭਾਈਚਾਰਕ ਸਾਂਝ ਪੂਰੀ ਤਰ੍ਹਾਂ ਮਜ਼ਬੂਤ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਪਾਸੇ ਭਾਜਪਾ ਪੰਜਾਬ 'ਚ ਆਪਣੇ ਪੈਰ ਜਮਾਉਣ ਦਾ ਯਤਨ ਕਰ ਰਹੀ ਹੈ ਤੇ ਦੂਸਰੇ ਪਾਸੇ ਕਦੇ ਚੰਡੀਗੜ੍ਹ ਨੂੰ ਖੋਹਣ, ਪੰਜਾਬ ਯੂਨੀਵਰਸਿਟੀ ਨੂੰ ਹਥਿਆਉਣ ਤੇ ਭਾਖੜਾ ਬਿਆਸ ਮੈਨੇਜਮੈਂਟ 'ਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦਾ ਯਤਨ ਕਰ ਰਹੀ ਹੈ, ਅਜਿਹੇ 'ਚ ਭਾਜਪਾ ਕਿਸ ਮੂੰਹ ਨਾਲ ਪੰਜਾਬੀਆਂ ਕੋਲੋਂ ਵੋਟਾਂ ਮੰਗੇਗੀ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਜਿੱਥੇ ਪੰਜਾਬ ਦਾ 9 ਹਜ਼ਾਰ ਕਰੋੜ ਰੁਪਇਆ ਪੇਂਡੂ ਵਿਕਾਸ ਫੰਡ ਦਾ ਰੋਕ ਕੇ ਰੱਖਿਆ ਹੈ, ਉੱਥੇ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਦਿਖਾਉਣ ਤੋਂ ਵੀ ਗੁਰੇਜ਼ ਕੀਤਾ ਜਾਂਦਾ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਫਿਰਕੂ ਪਾਰਟੀਆਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਪੰਜਾਬ ਨੇ ਕਾਲੇ ਦਿਨ ਪਹਿਲਾਂ ਹੀ ਬਹੁਤ ਦੇਖੇ ਹਨ ਤੇ ਉਹ ਹੁਣ ਦੁਬਾਰਾ ਅਜਿਹੀਆਂ ਪਾਰਟੀਆਂ ਦੇ ਗੁੰਮਰਾਹਕੁੰਨ ਪ੍ਰਚਾਰ 'ਚ ਨਾ ਫਸਣ | ਉਨ੍ਹਾਂ ਪੰਜਾਬੀਆਂ ਨੂੰ ਸਿਹਤ ਤੇ ਸਿੱਖਿਆ ਸੁਧਾਰਾਂ, 10 ਲੱਖ ਰੁਪਏ ਦੀ ਸਿਹਤ ਯੋਜਨਾ, ਮੁਫਤ ਬਿਜਲੀ ਯੋਜਨਾ ਅਤੇ 1000-1500 ਰੁਪਏ ਮਹਿਲਾ ਸਨਮਾਨ ਯੋਜਨਾ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਉਹ ਇਕੱਲੇ-ਇਕੱਲੇ ਪੰਜਾਬੀ ਦੇ ਨਾਲ ਡੱਟ ਕੇ ਖੜ੍ਹੇ ਹਨ ਤੇ ਪੰਜਾਬ ਨੂੰ ਰੰਗਲਾ ਬਣਾਉਣ 'ਚ ਕੋਈ ਕਸਰ ਨਹੀਂ ਛੱਡਣਗੇ | ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਬੇਅਦਬੀ ਸੰਬੰਧੀ ਸਖਤ ਕਾਨੂੰਨ ਬਣਾਏ ਜਾਣ ਤੋਂ ਬਾਅਦ ਹੁਣ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਵੀ ਸਰਕਾਰ ਵਲੋਂ ਹੋਰ ਸਖਤ ਕਾਨੂੰਨ ਲਿਆਂਦਾ ਜਾਵੇਗਾ, ਜਿਸ ਤਹਿਤ ਹੁਣ ਨਸ਼ਾ ਤਸਕਰਾਂ ਨੂੰ ਥਾਣਿਆਂ 'ਚ ਜ਼ਮਾਨਤ ਨਹੀਂ ਮਿਲੇਗੀ ਤੇ ਉਨ੍ਹਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ | ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਨਗਰ ਨਿਗਮ ਦੇ ਮੇਅਰ ਵਨੀਤ ਧੀਰ, ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ, ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ, ਬੀਬੀ ਰਾਜਵਿੰਦਰ ਕੌਰ ਥਿਆੜਾ, ਤਰਨਦੀਪ ਸਿੰਘ ਸੰਨੀ, ਆਤਮ ਪ੍ਰਕਾਸ਼ ਸਿੰਘ ਬਬਲੂ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਤੇ ਹੋਰ ਅਧਿਕਾਰੀ ਅਤੇ ਪਾਰਟੀ ਆਗੂ ਵੀ ਮੌਜੂਦ ਸਨ |
ਭਾਜਪਾ ਸੂਬੇ ਦੀ ਅਮਨ-ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਖਤਰਾ-ਭਗਵੰਤ ਮਾਨ
ਅਜੀਤ ਡੈਸਕ
08-05-2026